ਪ੍ਰਭਾਰੀ ਸਕੱਤਰ ਅਜੀਤ ਬਾਲਾ ਜੋਸ਼ੀ ਵਲੋਂ ਵਿਕਾਸ ਕਾਰਜਾਂ, ਸਰਕਾਰੀ ਸਕੀਮਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ
ਫ਼ਿਰੋਜ਼ਪੁਰ, 12 ਅਕਤੂਬਰ (ਸੁਖਵਿੰਦਰ ਸਿੰਘ)- ਪ੍ਰਭਾਰੀ ਸਕੱਤਰ ਅਜੀਤ ਬਾਲਾ ਜੋਸ਼ੀ ਆਈ. ਏ.
ਫ਼ਿਰੋਜ਼ਪੁਰ, 12 ਅਕਤੂਬਰ (ਸੁਖਵਿੰਦਰ ਸਿੰਘ)- ਪ੍ਰਭਾਰੀ ਸਕੱਤਰ ਅਜੀਤ ਬਾਲਾ ਜੋਸ਼ੀ ਆਈ.ਏ.ਐਸ. ਵਲੋਂ ਫ਼ਿਰੋਜ਼ਪੁਰ ਦਾ ਦੌਰਾ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ, ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਤੇ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਫ਼ੰਡਾਂ ਦੀ ਵਰਤੋਂ, ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਅਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਬਾਰੇ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਪ੍ਰਭਾਰੀ ਸਕੱਤਰ ਅਜੀਤ ਬਾਲਾ ਜੋਸ਼ੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਤੈਅ ਮਾਪਦੰਡਾਂ ਅਨੁਸਾਰ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਪ੍ਰਾਪਤ ਸਰਕਾਰੀ ਫ਼ੰਡਾਂ ਦੀ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਵਰਤੋਂ ਕੀਤੀ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਬੇਲੋੜੀ ਦੇਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹੇ ਅੰਦਰ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਲਈ ਕਿਹਾ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ) ਕਿਸ਼ਨਾ ਪਾਲ ਰਾਜਪੂਤ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਡੀ.ਐਫ਼.ਐਸ.ਸੀ. ਵੰਦਨਾ ਕੰਬੋਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਕੋਮਲ ਅਰੋੜਾ ਅਤੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।