ਫ਼ਿਰੋਜ਼ਪੁਰ ਰੇਲਵੇ ਮੰਡਲ ਵਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਡਿਜੀਟਲ ਜੀਵਨ ਪ੍ਰਮਾਣ-ਪੱਤਰ ਕੈਂਪ ਲਗਾਉਣ ਦਾ ਐਲਾਨ
ਫ਼ਿਰੋਜ਼ਪੁਰ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ’ਚ ਲੱਗਣਗੇ ਵਿਸ਼ੇਸ਼ ਕੈਂਪ
ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)-ਰੇਲਵੇ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਿਰੋਜ਼ਪੁਰ ਰੇਲਵੇ ਮੰਡਲ ਵਲੋਂ ਡਿਜੀਟਲ ਜੀਵਨ ਪ੍ਰਮਾਣ-ਪੱਤਰ ਮੁਹਿੰਮ 5. 0 ਤਹਿਤ ਪੈਨਸ਼ਨਰਾਂ ਅਤੇ ਪਰਿਵਾਰਿਕ ਪੈਨਸ਼ਨਰਾਂ ਦੀ ਸਹੂਲਤ ਲਈ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)-ਰੇਲਵੇ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਿਰੋਜ਼ਪੁਰ ਰੇਲਵੇ ਮੰਡਲ ਵਲੋਂ ਡਿਜੀਟਲ ਜੀਵਨ ਪ੍ਰਮਾਣ-ਪੱਤਰ ਮੁਹਿੰਮ 5.0 ਤਹਿਤ ਪੈਨਸ਼ਨਰਾਂ ਅਤੇ ਪਰਿਵਾਰਿਕ ਪੈਨਸ਼ਨਰਾਂ ਦੀ ਸਹੂਲਤ ਲਈ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਮੁਹਿੰਮ 1 ਨਵੰਬਰ ਤੋਂ 30 ਨਵੰਬਰ 2026 ਤੱਕ ਚਲਾਈ ਜਾਵੇਗੀ। ਇਸ ਦਾ ਮੁੱਖ ਉਦੇਸ਼ ਪੈਨਸ਼ਨਰਾਂ ਲਈ ਜੀਵਨ ਪ੍ਰਮਾਣ-ਪੱਤਰ ਜਮ੍ਹਾ ਕਰਵਾਉਣ ਦੀ ਪ੍ਰਕਿਰਿਆ ਨੂੰ ਆਸਾਨ, ਡਿਜੀਟਲ ਅਤੇ ਸੁਵਿਧਾਜਨਕ ਬਣਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਬੈਂਕਾਂ ਜਾਂ ਪੈਨਸ਼ਨ ਵੰਡ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣੇ ਪੈਣ। ਮੰਡਲ ਵਲੋਂ ਜਾਰੀ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਮੰਡਲ ਦਫ਼ਤਰ ਵਿਚ 28 ਅਕਤੂਬਰ, 4 ਨਵੰਬਰ ਅਤੇ 13 ਨਵੰਬਰ ਨੂੰ ਸਵੇਰੇ 11 ਵਜੇ ਕੈਂਪ ਲਗਾਏ ਜਾਣਗੇ। ਇਸੇ ਤਰ੍ਹਾਂ ਲੁਧਿਆਣਾ ਦੇ ਹਿੱਤ ਨਿਰੀਖਕ ਦਫ਼ਤਰ ਵਿਚ 5 ਅਤੇ 12 ਨਵੰਬਰ, ਜਲੰਧਰ ਸ਼ਹਿਰ ਵਿਚ 3 ਅਤੇ 17 ਨਵੰਬਰ ਅਤੇ ਅੰਮ੍ਰਿਤਸਰ ਦੇ ਹਿੱਤ ਨਿਰੀਖਕ ਦਫ਼ਤਰ ਵਿਚ 6 ਅਤੇ 20 ਨਵੰਬਰ ਨੂੰ ਸਵੇਰੇ 11 ਵਜੇ ਕੈਂਪ ਲੱਗਣਗੇ। ਇਨ੍ਹਾਂ ਕੈਂਪਾਂ ਦੌਰਾਨ ਪੈਨਸ਼ਨਰਾਂ ਨੂੰ ਡਿਜੀਟਲ ਜੀਵਨ ਪ੍ਰਮਾਣ-ਪੱਤਰ ਬਣਾਉਣ ਅਤੇ ਜਮ੍ਹਾ ਕਰਵਾਉਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ। ਕੈਂਪ ਵਿਚ ਆਉਣ ਵਾਲੇ ਪੈਨਸ਼ਨਰਾਂ ਨੂੰ ਆਪਣਾ ਆਧਾਰ ਕਾਰਡ ਨੰਬਰ, ਮੋਬਾਈਲ ਨੰਬਰ, ਪੈਨਸ਼ਨ ਸਬੰਧੀ ਵੇਰਵੇ, ਪਾਸਪੋਰਟ ਆਕਾਰ ਦੀ ਫੋਟੋ ਅਤੇ ਬੈਂਕ ਖਾਤੇ ਦੇ ਵੇਰਵੇ ਨਾਲ ਲਿਆਉਣ ਦੀ ਸਲਾਹ ਦਿੱਤੀ ਗਈ ਹੈ। ਇਸ ਮੁਹਿੰਮ ਦੌਰਾਨ ਸਿਹਤ ਜਾਂਚ ਕੈਂਪ ਵੀ ਲਗਾਏ ਜਾਣਗੇ, ਤਾਂ ਜੋ ਪੈਨਸ਼ਨਰਾਂ ਨੂੰ ਸਿਹਤ ਜਾਂਚ ਦੀ ਸਹੂਲਤ ਮਿਲ ਸਕੇ। ਰੇਲਵੇ ਮੰਡਲ ਨੇ ਸਾਰੇ ਪੈਨਸ਼ਨਰਾਂ ਅਤੇ ਪਰਿਵਾਰਿਕ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨਿਰਧਾਰਿਤ ਸਮੇਂ ਅੰਦਰ ਆਪਣਾ ਜੀਵਨ ਪ੍ਰਮਾਣ-ਪੱਤਰ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ।