ਲਾਰੇ ਅਤੇ ਟਾਲ-ਮਟੋਲ ਦੀ ਨੀਤੀ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਬਲਜੀਤ ਮੁੱਦਕੀ
ਮੁੱਦਕੀ, 2 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਐਨ. ਐੱਸ.
ਮੁੱਦਕੀ, 2 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਐਨ.ਐੱਸ.ਕਿਊ.ਐਫ. ਵੋਕੇਸ਼ਨਲ ਅਧਿਆਪਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੋਹਾਲੀ ਸਥਿਤ ਦਫ਼ਤਰ ਅੱਗੇ ਪੱਕਾ ਧਰਨਾ ਲਗਾਇਆ ਹੋਇਆ ਹੈ। ਧਰਨੇ ’ਤੇ ਬੈਠੇ ਅਧਿਆਪਕਾਂ ਵਲੋਂ ਹਰ ਰੋਜ਼ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਕਥਿਤ ਟਾਲ-ਮਟੋਲ ਵਾਲੀ ਨੀਤੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਆਪਣੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂ ਬਲਜੀਤ ਸਿੰਘ ਮੁੱਦਕੀ ਅਤੇ ਮਹਿਤਾਬ ਸਿੰਘ ਨੇ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਕਿਸੇ ਵੀ ਮੰਗ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਵਾਰ-ਵਾਰ ਭਰੋਸੇ ਮਿਲਣ ਦੇ ਬਾਵਜੂਦ ਮੰਗਾਂ ਲਟਕਦੀਆਂ ਰਹਿਣ ਕਾਰਨ ਅਧਿਆਪਕਾਂ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਵੋਕੇਸ਼ਨਲ ਅਧਿਆਪਕ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਮਸਲੇ ਦੇ ਹੱਲ ਲਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਸਪਸ਼ਟ ਕੀਤਾ ਕਿ ਅਧਿਆਪਕਾਂ ਨੂੰ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਨਾਲ ਹੋਰ ਸਮਾਂ ਨਹੀਂ ਟਪਾਇਆ ਜਾ ਸਕਦਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਠੋਸ ਹੱਲ ਨਾ ਕੀਤਾ ਤਾਂ 3720 ਵੋਕੇਸ਼ਨਲ ਅਧਿਆਪਕਾਂ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ। ਇਸ ਮੌਕੇ ਪਿੱਪਲ ਸਿੰਘ, ਤਨਵੀਰ, ਤਰਸੇਮ ਸਿੰਘ, ਸਤਬੀਰ ਸਿੰਘ, ਲਖਵਿੰਦਰ ਸਿੰਘ, ਸੰਤੋਖ ਸਿੰਘ, ਸੋਨੀਆ ਬਹਿਲ, ਅਮਨਦੀਪ ਕੌਰ, ਸਵਰਨਜੀਤ ਕੌਰ, ਮਨਪ੍ਰੀਤ ਕੌਰ ਅਤੇ ਰਜਨੀ ਵੋਹਰਾ ਹਾਜ਼ਰ ਸਨ ।