ਝੋਨੇ ਦੀ ਖ਼ਰੀਦ ਅਤੇ ਡੀ.ਏ.ਪੀ ਖਾਦ ਦੀ ਕਿੱਲਤ ਨੇ ਕਿਸਾਨਾਂ ਨੂੰ ਕੀਤਾ ਪ੍ਰੇਸ਼ਾਨ-ਜਗਜੀਤ ਸਿੰਘ ਸੰਧੂ
ਅਬੋਹਰ, 7 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਗਜੀਤ ਸਿੰਘ ਸੰਧੂ ਨੇ ਪੰਜਾਬ ਵਿਚ ਝੋਨੇ ਦੀ ਖ਼ਰੀਦ ਅਤੇ ਡੀ. ਏ.
ਅਬੋਹਰ, 7 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਗਜੀਤ ਸਿੰਘ ਸੰਧੂ ਨੇ ਪੰਜਾਬ ਵਿਚ ਝੋਨੇ ਦੀ ਖ਼ਰੀਦ ਅਤੇ ਡੀ.ਏ.ਪੀ ਖਾਦ ਦੀ ਉਪਲਬਧਤਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਬੋਹਰ ਸਮੇਤ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੂੰ ਆਪਣਾ ਝੋਨਾ ਵੇਚਣ ਲਈ ਸ਼ੈਲਰ ਮਾਲਕਾਂ ਅਤੇ ਖ਼ਰੀਦ ਏਜੰਸੀਆਂ ਦੇ ਤਰਲੇ ਕਰਨੇ ਪੈ ਰਹੇ ਹਨ। ਜਗਜੀਤ ਸੰਧੂ ਨੇ ਕਿਹਾ ਕਿ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਲੈ ਕੇ ਬੈਠੇ ਹਨ, ਪਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਖ਼ਰੀਦ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੇ ਦੋਸ਼ ਅਨੁਸਾਰ ਕਈ ਥਾਵਾਂ ’ਤੇ ਝੋਨੇ ਦੀ ਤੁਲਾਈ ਸਮੇਂ 5, 7 ਅਤੇ 10 ਕਿੱਲੋ ਤੱਕ ਕਟੌਤੀ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕਿਸਾਨਾਂ ਨੂੰ ਅਗਲੀ ਫ਼ਸਲ ਦੀ ਬਿਜਾਈ ਲਈ ਡੀ . ਏ.ਪੀ ਖਾਦ ਲੈਣ ਵਾਸਤੇ ਵੀ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਕਿਸਾਨ ਖਾਦ ਲਈ ਕਿਸਾਨ ਜਥੇਬੰਦੀਆਂ ਅਤੇ ਆਗੂਆਂ ਤੱਕ ਪਹੁੰਚ ਕਰ ਰਹੇ ਹਨ। ਖਾਦ ਦੇ ਨਾਲ ਹੋਰ ਉਤਪਾਦ ਜ਼ਬਰਦਸਤੀ ਦੇਣ ਦੀ ਸ਼ਰਤ ਕਾਰਨ ਕਿਸਾਨਾਂ ਅਤੇ ਦੁਕਾਨਦਾਰਾਂ ਦੋਵਾਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਵਪਾਰੀ ਪੰਜਾਬ ਦੀ ਆਰਥਿਕਤਾ ਦੇ ਅਹਿਮ ਅੰਗ ਹਨ ਅਤੇ ਦੋਵਾਂ ਵਰਗਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਦੇ ਖੇਤੀਬਾੜੀ ਅਤੇ ਵਪਾਰਕ ਮਾਮਲਿਆਂ ਸਬੰਧੀ ਫ਼ੈਸਲੇ ਸੂਬੇ ਦੀਆਂ ਲੋੜਾਂ ਅਤੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਕਟੌਤੀ ਅਤੇ ਬੇਲੋੜੀਆਂ ਸ਼ਰਤਾਂ ਤੋਂ ਰਾਹਤ ਮਿਲਣੀ ਚਾਹੀਦੀ ਹੈ।