ਸਰਕਾਰੀ ਆਈ.ਟੀ.ਆਈ. ਦੀ ਜਗ੍ਹਾ ’ਤੇ ਕਿਸੇ ਵੀ ਧਿਰ ਦਾ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ-ਵਿਧਾਇਕ ਸਵਨਾ
ਫ਼ਾਜ਼ਿਲਕਾ, 11 ਨਵੰਬਰ(ਦਵਿੰਦਰ ਪਾਲ ਸਿੰਘ)-ਸਰਕਾਰੀ ਆਈ. ਟੀ.
ਫ਼ਾਜ਼ਿਲਕਾ, 11 ਨਵੰਬਰ(ਦਵਿੰਦਰ ਪਾਲ ਸਿੰਘ)-ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਦੇ ਸਾਈਕਲ ਸਟੈਂਡ ਦੀ ਜਗਾ ’ਤੇ ਨਜਾਇਜ਼ ਕਬਜ਼ੇ ਦੇ ਮੁੱਦੇ ਨੂੰ ਲੈ ਕੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਵਲੋਂ ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਮੰਗ ਪੱਤਰ ਸੌਂਪਿਆ ਗਿਆ। ਏ.ਆਈ.ਐੱਸ.ਐੱਫ. ਦੇ ਜ਼ਿਲ੍ਹਾ ਸਕੱਤਰ ਸਟਾਲਿਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਦਿਲਕਰਨ ਦੀ ਅਗਵਾਈ ਹੇਠ ਵਿਧਾਇਕ ਨੂੰ ਮੰਗ ਪੱਤਰ ਦਿੰਦਿਆਂ ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਕੁੱਝ ਵਿਅਕਤੀਆਂ ਵਲੋਂ ਸਰਕਾਰੀ ਆਈ.ਟੀ.ਆਈ. ਦੀ ਜਗਾ ’ਤੇ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਜਾਇਦਾਦ ਨੂੰ ਬਚਾਇਆ ਜਾਵੇ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਆਈ.ਟੀ.ਆਈ.ਦੇ ਸਾਈਕਲ ਸਟੈਂਡ ’ਤੇ ਕਿਸੇ ਵੀ ਹੋਰ ਧਿਰ ਦਾ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਜਦੋਂ ਤੱਕ ਅਦਾਲਤ ਵਲੋਂ ਕੋਈ ਹੋਰ ਫ਼ੈਸਲਾ ਨਹੀਂ ਆਉਂਦਾ, ਉਦੋਂ ਤੱਕ ਮੌਜੂਦਾ ਕਬਜ਼ਾ ਸਰਕਾਰੀ ਆਈ.ਟੀ.ਆਈ. ਦਾ ਹੀ ਰਹੇਗਾ। ਵਿਧਾਇਕ ਸਵਨਾ ਨੇ ਮੌਕੇ ’ਤੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਮਾਮਲੇ ਦੀ ਜਾਂਚ ਕਰਨ, ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਅਤੇ ਨੁਕਸਾਨੇ ਗਏ ਸਾਈਕਲ ਸਟੈਂਡ ਦੀ ਮੁੜ ਉਸਾਰੀ ਕਰਵਾ ਕੇ ਇਸ ਨੂੰ ਜਲਦ ਚਾਲੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰੀ ਸੰਪਤੀ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਰਵ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਬੇਗ ਸਿੰਘ ਝੰਗੜ ਭੈਣੀ, ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰ ਸੋਨਾ, ਏ.ਆਈ.ਐੱਸ.ਐੱਫ. ਦੇ ਪੰਜਾਬ ਪ੍ਰਧਾਨ ਰਮਨ ਧਰਮੂ ਵਾਲਾ, ਪੀ.ਐੱਸ.ਯੂ. ਦੇ ਮਹਾ ਸਕੱਤਰ ਧੀਰਜ, ਕਾਮਰੇਡ ਗੁਰਦਿਆਲ ਢਾਬਾਂ, ਕਾਮਰੇਡ ਨਰਿੰਦਰ ਢਾਬਾਂ ਅਤੇ ਕਮਲ ਭਵਾਨੀ ਸਮੇਤ ਹੋਰ ਆਗੂ ਹਾਜ਼ਰ ਸਨ।