ਧਰਨਾਖ਼ਰੀਦ ਏਜੰਸੀਆਂ ਵਲੋਂ ਕੋਟਾ ਪੂਰਾ ਹੋਣ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਕੀਤਾ ਜਾ ਰਿਹੈ ਖੱਜਲ ਖੁਆਰ-ਕਿਸਾਨ ਆਗੂ
ਫ਼ਿਰੋਜ਼ਪੁਰ,11 ਨਵੰਬਰ (ਕੁਲਬੀਰ ਸਿੰਘ ਸੋਢੀ)-ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਵਿਚ ਪਾਏ ਜਾ ਰਹੇ ਰੋਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਪਿਆਰੇਆਣਾ ਵਿਖੇ ਫ਼ਿਰੋਜ਼ਪੁਰ-ਮੋਗਾ ਨੈਸ਼ਨਲ ਹਾਈਵੇਅ ’ਤੇ ਧਰਨਾ ਦੇ ਕੇ ਸਰਕਾਰ ਅਤੇ ਖ਼ਰੀਦ ਏਜੰਸੀਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਮੰਡੀਆਂ ਵਿਚ ਪਈ ਝੋਨੇ ਦੀ ਸਮੁੱਚੀ ਫ਼ਸਲ ਦੀ ਤੁਰੰਤ ਖ਼ਰੀਦ ਕਰਵਾਉਣ ਦੀ ਮੰਗ ਕੀਤੀ।
ਝ
ਝੋਨੇ ਦੀ ਖ਼ਰੀਦ ਬੰਦ ਹੋਣ ਦੇ ਰੋਸ ਵਜੋਂ ਬੀ.ਕੇ.ਯੂ. ਏਕਤਾ ਸਿੱਧੂਪੁਰ ਦੇ ਆਗੂਆਂ ਵਲੋਂ ਨੈਸ਼ਨਲ ਹਾਈਵੇਅ ’ਤੇ ਦਿਤੇ ਧਰਨੇ ਦੀ ਤਸਵੀਰ। ਅਜੀਤ ਤਸਵੀਰ
12-11-2026
ਫ਼ਿਰੋਜ਼ਪੁਰ,11 ਨਵੰਬਰ (ਕੁਲਬੀਰ ਸਿੰਘ ਸੋਢੀ)-ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਵਿਚ ਪਾਏ ਜਾ ਰਹੇ ਰੋਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਪਿਆਰੇਆਣਾ ਵਿਖੇ ਫ਼ਿਰੋਜ਼ਪੁਰ-ਮੋਗਾ ਨੈਸ਼ਨਲ ਹਾਈਵੇਅ ’ਤੇ ਧਰਨਾ ਦੇ ਕੇ ਸਰਕਾਰ ਅਤੇ ਖ਼ਰੀਦ ਏਜੰਸੀਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਮੰਡੀਆਂ ਵਿਚ ਪਈ ਝੋਨੇ ਦੀ ਸਮੁੱਚੀ ਫ਼ਸਲ ਦੀ ਤੁਰੰਤ ਖ਼ਰੀਦ ਕਰਵਾਉਣ ਦੀ ਮੰਗ ਕੀਤੀ। ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕਰੀਬ 10 ਦਿਨਾਂ ਤੋਂ ਖ਼ਰੀਦ ਏਜੰਸੀਆਂ ਵਲੋਂ ਹਰ ਰੋਜ਼ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਭਰੋਸਾ ਦੇ ਕੇ ਕਿਸਾਨਾਂ ਨੂੰ ਲਗਾਤਾਰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਕਿਸਾਨ ਆਪਣੀ ਫ਼ਸਲ ਵੇਚਣ ਲਈ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੱਕ ਪਹੁੰਚ ਕਰਦੇ ਹਨ ਤਾਂ ਅੱਗੋਂ ਝੋਨੇ ਦਾ ਨਿਰਧਾਰਤ ਕੋਟਾ ਪੂਰਾ ਹੋਣ ਦਾ ਹਵਾਲਾ ਦੇ ਕੇ ਖ਼ਰੀਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਸਵਾਲ ਉਠਾਇਆ ਕਿ ਜੇਕਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦਾ ਕੋਟਾ ਪੂਰਾ ਕਰ ਲਿਆ ਗਿਆ ਹੈ ਤਾਂ ਮੰਡੀਆਂ ਵਿਚ ਪਈ ਕਿਸਾਨਾਂ ਦੀ ਬਾਕੀ ਫ਼ਸਲ ਕਿੱਥੇ ਜਾਵੇਗੀ? ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਦਿਨ-ਰਾਤ ਮਿਹਨਤ ਕਰਕੇ ਫ਼ਸਲ ਪੈਦਾ ਕੀਤੀ ਹੈ, ਪਰ ਹੁਣ ਆਪਣੀ ਹੀ ਉਪਜ ਵੇਚਣ ਲਈ ਉਨ੍ਹਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਸਰਕਾਰ ਅਤੇ ਖ਼ਰੀਦ ਏਜੰਸੀਆਂ ਦੀ ਇਸ ਕਥਿਤ ਲਾਪਰਵਾਹੀ ਕਾਰਨ ਕਿਸਾਨਾਂ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਪਏ ਸਮੁੱਚੇ ਝੋਨੇ ਦੀ ਬਿਨਾਂ ਕਿਸੇ ਹੋਰ ਦੇਰੀ ਦੇ ਸਰਕਾਰੀ ਖ਼ਰੀਦ ਯਕੀਨੀ ਬਣਾਈ ਜਾਵੇ ਅਤੇ ਖ਼ਰੀਦ ਏਜੰਸੀਆਂ ਨੂੰ ਤੁਰੰਤ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸਾਨਾਂ ਦੀ ਫ਼ਸਲ ਖ਼ਰੀਦਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਕੋਟਾ ਪੂਰਾ ਹੋਣ ਦਾ ਬਹਾਨਾ ਬਣਾ ਕੇ ਇਸ ਜ਼ਿੰਮੇਵਾਰੀ ਤੋਂ ਪਾਸਾ ਨਹੀਂ ਵੱਟਿਆ ਜਾ ਸਕਦਾ। ਇਸ ਮੌਕੇ ਕਿਸਾਨ ਆਗੂਆਂ ਅਤੇ ਇਲਾਕਾ ਨਿਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਡੀਆਂ ਵਿਚ ਪਈ ਫ਼ਸਲ ਦੀ ਖ਼ਰੀਦ ਦਾ ਮਸਲਾ ਹੱਲ ਨਹੀਂ ਹੁੰਦਾ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਧਰਨੇ ਵਿਚ ਇਕਬਾਲ ਸਿੰਘ ਜ਼ਿਲ੍ਹਾ ਪ੍ਰਧਾਨ, ਗੁਰਮੀਤ ਸਿੰਘ ਬਲਾਕ ਪ੍ਰਧਾਨ, ਗੁਰਮੀਤ ਸਿੰਘ ਇਕਾਈ ਪ੍ਰਧਾਨ, ਛਿੰਦਰ ਸ਼ਕੂਰ ਮੀਤ ਪ੍ਰਧਾਨ ਘੱਲ ਖੁਰਦ, ਜਸਪ੍ਰੀਤ ਸਿੰਘ ਜਨਰਲ ਸਕੱਤਰ, ਅਮਨਦੀਪ ਸਿੰਘ ਇਕਾਈ ਪ੍ਰਧਾਨ, ਸਰਬਜੀਤ ਸਿੰਘ ਡੀਢਸਾਂ ਸਮੇਤ ਬਲਾਕ ਘੱਲ ਖੁਰਦ ਦੇ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ।