ਕਾਂਗਰਸ ਦੀ ਮੈਨੀਫੈਸਟੋ ਕਮੇਟੀ ਦੀ ਮੀਟਿੰਗ ਵਿਚ ਰੋਹਿਤ ਵੋਹਰਾ ਮੌਂਟੂ ਨੇ ਰੱਖੇ ਗੁਰੂਹਰਸਹਾਏ ਦੇ ਲੋਕਾਂ ਦੇ ਮੁੱਦੇ
ਗੁਰੂਹਰਸਹਾਏ, 11 ਨਵੰਬਰ (ਕਪਿਲ ਕੰਧਾਰੀ)-ਬਠਿੰਡਾ ਵਿਖੇ ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਪਹੁੰਚੇ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ।
ਗੁਰੂਹਰਸਹਾਏ, 11 ਨਵੰਬਰ (ਕਪਿਲ ਕੰਧਾਰੀ)-ਬਠਿੰਡਾ ਵਿਖੇ ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ.ਅਮਰ ਸਿੰਘ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਪਹੁੰਚੇ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦਾ ਮੁੱਖ ਮਕਸਦ ਆਉਣ ਵਾਲੇ ਸਮੇਂ ਲਈ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਲੋਕਾਂ ਦੀਆਂ ਲੋੜਾਂ, ਉਮੀਦਾਂ ਅਤੇ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਦੇ ਅਨੁਸਾਰ ਤਿਆਰ ਕਰਨ ਸਬੰਧੀ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਮੀਟਿੰਗ ਵਿਚ ਗੁਰੂਹਰਸਹਾਏ ਤੋਂ ਪਹੁੰਚੇ ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਲੋੜਾਂ ਸਬੰਧੀ ਵਿਸਥਾਰ ਨਾਲ ਸੁਝਾਅ ਪੇਸ਼ ਕੀਤੇ। ਉਨ੍ਹਾਂ ਵਲੋਂ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਇਕੱਠੀਆਂ ਕੀਤੀਆਂ ਗਈਆਂ ਮੁਸ਼ਕਲਾਂ ਨੂੰ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ.ਅਮਰ ਸਿੰਘ, ਕਮੇਟੀ ਦੇ ਮੈਂਬਰਾਂ ਅਤੇ ਸੀਨੀਅਰ ਆਗੂਆਂ ਦੇ ਧਿਆਨ ਵਿਚ ਲਿਆਂਦਾ ਗਿਆ। ਇਸ ਮੌਕੇ ਰੋਹਿਤ ਵੋਹਰਾ ਮੌਂਟੂ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਚੋਣ ਮਨੋਰਥ ਪੱਤਰ ਸਿਰਫ਼ ਵਾਅਦਿਆਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਇਸ ਵਿਚ ਆਮ ਲੋਕਾਂ ਦੀਆਂ ਅਸਲ ਸਮੱਸਿਆਵਾਂ, ਉਨ੍ਹਾਂ ਦੀਆਂ ਉਮੀਦਾਂ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਆਪਣੇ ਸੁਝਾਵਾਂ ਰਾਹੀਂ ਗੁਰੂਹਰਸਹਾਏ ਹਲਕੇ ਦੇ ਲੋਕਾਂ ਦੀ ਆਵਾਜ਼ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੱਕ ਪਹੁੰਚਾਉਣ ਦਾ ਯਤਨ ਕੀਤਾ। ਮੀਟਿੰਗ ਦੌਰਾਨ ਵੱਖ-ਵੱਖ ਹਲਕਿਆਂ ਤੋਂ ਆਏ ਕਾਂਗਰਸੀ ਆਗੂਆਂ ਨੇ ਵੀ ਆਪੋ-ਆਪਣੇ ਇਲਾਕਿਆਂ ਦੇ ਮੁੱਦੇ ਅਤੇ ਸੁਝਾਅ ਪੇਸ਼ ਕੀਤੇ। ਮੈਨੀਫੈਸਟੋ ਕਮੇਟੀ ਵਲੋਂ ਇਨ੍ਹਾਂ ਸੁਝਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਤਾਂ ਜੋ ਲੋਕਾਂ ਦੀਆਂ ਭਾਵਨਾਵਾਂ ਅਤੇ ਜ਼ਮੀਨੀ ਹਕੀਕਤਾਂ ਨੂੰ ਧਿਆਨ ਵਿਚ ਰੱਖਦਿਆਂ ਇਕ ਲੋਕ-ਪੱਖੀ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਨਗਰ ਕੌਂਸਲ ਪ੍ਰਧਾਨ ਆਤਮਜੀਤ ਸਿੰਘ ਡੇਵਿਡ, ਕਸ਼ਮੀਰ ਸਿੰਘ ਆਦੀ ਹਾਜ਼ਰ ਸਨ।