ਭਾਰਤੀ ਕਿਸਾਨ ਯੂਨੀਅਨ (ਪੰਜਾਬ) ਦੀ ਸੂਬਾ ਪੱਧਰੀ ਮੀਟਿੰਗ ਹੋਈ
ਜ਼ੀਰਾ, 11 ਨਵੰਬਰ (ਹਰਜੀਤ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚਾ ਵਲੋਂ 26 ਨਵੰਬਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨਾਂ ਦੇ ਕੀਤੇ ਗਏ ਐਲਾਨ ਸਬੰਧੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਹੇਠ ਦਫ਼ਤਰ ਜ਼ੀਰਾ ਵਿਖੇ ਹੋਈ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਭਰ ਵਿਚ ਵਿੱਢੇ ਜਾਣ ਵਾਲੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਵੀ ਉਲੀਕੀ ਗਈ।
ਜ਼ੀਰਾ, 11 ਨਵੰਬਰ (ਹਰਜੀਤ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚਾ ਵਲੋਂ 26 ਨਵੰਬਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨਾਂ ਦੇ ਕੀਤੇ ਗਏ ਐਲਾਨ ਸਬੰਧੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਹੇਠ ਦਫ਼ਤਰ ਜ਼ੀਰਾ ਵਿਖੇ ਹੋਈ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਭਰ ਵਿਚ ਵਿੱਢੇ ਜਾਣ ਵਾਲੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਵੀ ਉਲੀਕੀ ਗਈ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਆਉਂਦੀ 26 ਨਵੰਬਰ ਨੂੰ ਬਠਿੰਡਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨਾਂ ਵਿਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇਗੀ । ਇਸ ਮੀਟਿੰਗ ਉਪਰੰਤ ਯੂਨੀਅਨ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ , ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਖ਼ਿਲਾਫ਼ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸਰਕਾਰਾਂ ਸਾਡੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀਆਂ, ਉਦੋਂ ਤੱਕ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੁਕਤ ਵਪਾਰ ਸਮਝੌਤੇ ਰੱਦ ਕੀਤੇ ਜਾਣ। ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਨਾ ਕੀਤਾ ਜਾਵੇ ਅਤੇ ਦੇਸ਼ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਾਕੀ ਸਾਰੇ ਮੁਕਤ ਵਪਾਰ ਸਮਝੌਤੇ ਤੁਰੰਤ ਰੱਦ ਕੀਤੇ ਜਾਣ। ਸਾਰੀਆਂ ਫ਼ਸਲਾਂ ਲਈ ਸੀ 2+50% ਫ਼ਾਰਮੂਲੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਅਤੇ ਸਰਕਾਰੀ ਖ਼ਰੀਦ ਯਕੀਨੀ ਬਣਾਉਣ ਲਈ ਨਵਾਂ ਕਾਨੂੰਨ ਬਣਾਇਆ ਜਾਵੇ। ਕਿਸਾਨਾਂ ਅਤੇ ਦਿਹਾੜੀਦਾਰ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਰੋਕਣ ਲਈ ਉਨ੍ਹਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ। ਇਸ ਤੋਂ ਇਲਾਵਾ, ਖ਼ੁਦਕੁਸ਼ੀ ਕਰ ਚੁੱਕੇ ਹਰ ਕਿਸਾਨ ਦੇ ਪੀੜਤ ਪਰਿਵਾਰ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਚਾਰ ਨਵੇਂ ਲੇਬਰ ਕੋਡ ਤੁਰੰਤ ਰੱਦ ਕੀਤੇ ਜਾਣ ਅਤੇ ਸਾਰੇ ਮਜ਼ਦੂਰਾਂ ਲਈ ਘੱਟੋ-ਘੱਟ 31,000 ਰੁਪਏ ਮਹੀਨਾਵਾਰ ਤਨਖ਼ਾਹ ਯਕੀਨੀ ਬਣਾਈ ਜਾਵੇ। ਮਨਰੇਗਾ ਸਕੀਮ ਨੂੰ ਮੁੜ ਪੂਰੀ ਤਰ੍ਹਾਂ ਬਹਾਲ ਕੀਤਾ ਜਾਵੇ। ਇਸ ਦੌਰਾਨ ਭਰਾਤਰੀ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਗਈ ਕਿ 26 ਨਵੰਬਰ ਨੂੰ ਚਾਰੇ ਨਿਰਧਾਰਿਤ ਸਥਾਨਾਂ (ਬਠਿੰਡਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ) ਵਿਖੇ ਹੋਣ ਵਾਲੇ ਇਕੱਠਾਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ਜਾਵੇ ਤਾਂ ਜੋ ਸਰਕਾਰਾਂ ਤੱਕ ਕਿਸਾਨਾਂ ਦੀ ਆਵਾਜ਼ ਪਹੁੰਚਾਈ ਜਾ ਸਕੇ। ਇਸ ਸੂਬਾ ਪੱਧਰੀ ਮੀਟਿੰਗ ਵਿਚ ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ, ਗੁਰਦੇਵ ਸਿੰਘ ਸਰਪ੍ਰਸਤ ਪੰਜਾਬ, ਭੁਪਿੰਦਰ ਸਿੰਘ ਔਲਖ ਜਰਨਲ ਸਕੱਤਰ ਪੰਜਾਬ, ਬਲਦੇਵ ਸਿੰਘ ਵਾਈਆਂ ਮੀਤ ਪ੍ਰਧਾਨ ਪੰਜਾਬ, ਨਰਿੰਦਰ ਸਿੰਘ ਬਾਜਵਾ ਮੀਤ ਪ੍ਰਧਾਨ ਪੰਜਾਬ, ਜੋਗਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ, ਪ੍ਰਗਟ ਸਿੰਘ ਲਹਿਰਾ ਕੋਰ ਕਮੇਟੀ ਮੈਂਬਰ ਪੰਜਾਬ, ਜਗਤਾਰ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਬਠਿੰਡਾ, ਹਰਦੀਪ ਸਿੰਘ ਗਿੱਲ ਕਰਮੂੰਵਾਲਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਰਾਜਵੀਰ ਸਿੰਘ ਗਿੱਲ ਸੰਧਵਾਂ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਲਖਬੀਰ ਸਿੰਘ ਗੋਬਿੰਦਪੁਰ ਜ਼ਿਲ੍ਹਾ ਪ੍ਰਧਾਨ ਜਲੰਧਰ, ਹਰਬੰਸ ਸਿੰਘ ਬ੍ਰਹਮਕੇ ਜ਼ਿਲ੍ਹਾ ਪ੍ਰਧਾਨ ਮੋਗਾ, ਗੁਰਦੀਪ ਸਿੰਘ ਰਾਏ ਬੁਰਜੀ ਜ਼ਿਲ੍ਹਾ ਪ੍ਰਧਾਨ ਪੱਛਮੀ ਫ਼ਿਰੋਜ਼ਪੁਰ, ਗੈਰੀ ਸਿੰਘ ਬੰਡਾਲਾ ਸੂਬਾ ਮੀਡੀਆ ਇੰਚਾਰਜ, ਲਖਬੀਰ ਸਿੰਘ ਨਿੱਝਰ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਅਮਰਜੀਤ ਕੌਰ ਜਰਨਲ ਸਕੱਤਰ ਫ਼ਰੀਦਕੋਟ, ਕਾਰਜ ਸਿੰਘ ਬਲਾਕ ਪ੍ਰਧਾਨ ਕੋਟ ਈਸੇ ਖਾਂ ਅਤੇ ਸੰਨੂ ਢਿੱਲੋਂ ਸਮੇਤ ਹੋਰ ਪ੍ਰਮੁੱਖ ਆਗੂ ਹਾਜ਼ਰ ਸਨ।