ਐੱਨ.ਐੱਚ.ਐੱਮ. ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਫ਼ਿਰੋਜ਼ਪੁਰ,13 ਨਵੰਬਰ (ਕੁਲਬੀਰ ਸਿੰਘ ਸੋਢੀ)-ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ.
ਫ਼ਿਰੋਜ਼ਪੁਰ,13 ਨਵੰਬਰ (ਕੁਲਬੀਰ ਸਿੰਘ ਸੋਢੀ)-ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਲਗਾਤਾਰ ਜਾਰੀ ਹੈ। ਇਸੇ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਵੀ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਤੋਂ ਆਪਣੀਆਂ ਮੰਗਾਂ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ। ਮੁਲਾਜ਼ਮ ਆਗੂ ਨਰਿੰਦਰ ਸਿੰਘ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੱਕ ਪਹੁੰਚ ਕਰਦੇ ਆ ਰਹੇ ਹਨ, ਪਰ ਵਾਰ-ਵਾਰ ਭਰੋਸੇ ਮਿਲਣ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਇਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਿਆ ਹੈ। ਆਗੂ ਬਗੀਚ ਸਿੰਘ ਨੇ ਕਿਹਾ ਕਿ 17 ਨਵੰਬਰ ਨੂੰ ਹੋਣ ਵਾਲੀ ਮੁਲਾਜ਼ਮ ਭਲਾਈ ਕਮੇਟੀ ਦੀ ਅਹਿਮ ਮੀਟਿੰਗ ਤੋਂ ਸਮੂਹ ਐੱਨ.ਐੱਚ.ਐੱਮ. ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਸ ਕਰ ਰਹੇ ਹਨ ਕਿ ਇਸ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਕੋਈ ਸਾਰਥਿਕ ਫ਼ੈਸਲਾ ਲਿਆ ਜਾਵੇਗਾ, ਤਾਂ ਜੋ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਦਾ ਸਥਾਈ ਹੱਲ ਨਿਕਲ ਸਕੇ। ਇਸ ਦੌਰਾਨ ਆਗੂ ਹਰਜਿੰਦਰ ਸਿੰਘ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 1 7 ਨਵੰਬਰ ਦੀ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਲਈ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਮੂਹਰੇ ਪੱਕਾ ਧਰਨਾ ਲਗਾ ਕੇ ਅਣਮਿਥੇ ਸਮੇਂ ਲਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੁਲਾਜ਼ਮ ਆਗੂ ਡਾ. ਪ੍ਰੀਤ ਮੁਖੀਜਾ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਦਾ ਠੋਸ ਨਿਪਟਾਰਾ ਨਹੀਂ ਹੁੰਦਾ, ਹੜਤਾਲ ਅਤੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਰਹਿਣਗੇ।