ਮਨੁੱਖੀ ਸਰੀਰ ਦੀਆਂ ਵੱਖ-ਵੱਖ ਪ੍ਰਣਾਲੀਆਂ ਅਤੇ ਸਿਹਤ ਸੰਭਾਲ ਨਾਲ ਸੰਬੰਧਿਤ ਮਾਡਲਾਂ ਰਾਹੀਂ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ
ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਫ਼ਿਰੋਜ਼ਪੁਰ ਵਿਖੇ ਨਰਸਿੰਗ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਮਾਡਲਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ, ਮਿਹਨਤ, ਸਿਰਜਣਾਤਮਿਕ ਸੋਚ ਅਤੇ ਨਰਸਿੰਗ ਵਿਸ਼ੇ ਨਾਲ ਸਬੰਧਿਤ ਗਿਆਨ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।
ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਫ਼ਿਰੋਜ਼ਪੁਰ ਵਿਖੇ ਨਰਸਿੰਗ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਮਾਡਲਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ, ਮਿਹਨਤ, ਸਿਰਜਣਾਤਮਿਕ ਸੋਚ ਅਤੇ ਨਰਸਿੰਗ ਵਿਸ਼ੇ ਨਾਲ ਸਬੰਧਿਤ ਗਿਆਨ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਵਲੋਂ ਮਨੁੱਖੀ ਸਰੀਰ ਦੇ ਵੱਖ-ਵੱਖ ਅੰਗਾਂ ਅਤੇ ਪ੍ਰਣਾਲੀਆਂ, ਜਿਵੇਂ ਦਿਲ, ਦਿਮਾਗ਼, ਸਾਹ ਪ੍ਰਣਾਲੀ, ਪਾਚਨ ਪ੍ਰਣਾਲੀ ਆਦਿ ਦੇ ਮਾਡਲ ਤਿਆਰ ਕੀਤੇ ਗਏ। ਇਸ ਤੋਂ ਇਲਾਵਾ ਸਿਹਤ ਸੰਭਾਲ, ਬਿਮਾਰੀਆਂ ਤੋਂ ਬਚਾਅ, ਮਰੀਜ਼ਾਂ ਦੀ ਦੇਖਭਾਲ ਅਤੇ ਸਿਹਤ ਪ੍ਰਤੀ ਜਾਗਰੂਕਤਾ ਨਾਲ ਸਬੰਧਿਤ ਮਾਡਲ ਵੀ ਪ੍ਰਦਰਸ਼ਿਤ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਵਲੋਂ ਤਿਆਰ ਕੀਤੇ ਮਾਡਲਾਂ ਦੀ ਕਾਰਜਪ੍ਰਣਾਲੀ ਅਤੇ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਧਰਮਪਾਲ ਬਾਂਸਲ ਡਾਇਰੈਕਟਰ ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ ਅਤੇ ਹਾਰਮਨੀ ਆਯੁਰਵੈਦਿਕ ਕਾਲਜ ਫ਼ਿਰੋਜ਼ਪੁਰ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਹੁਨਰ ਅਤੇ ਵਿਸ਼ੇ ਨਾਲ ਸਬੰਧਿਤ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਵੀ ਨਿਖਾਰਦੀਆਂ ਹਨ। ਨਰਸਿੰਗ ਦੇ ਖੇਤਰ ਵਿਚ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਸਿਖਲਾਈ ਅਤੇ ਮਰੀਜ਼ਾਂ ਦੀ ਸਹੀ ਦੇਖਭਾਲ ਕਰਨ ਦੀ ਮੁਹਾਰਤ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਕਿੱਤਾਮੁਖੀ ਹੁਨਰ ਨੂੰ ਨਿਖਾਰਨ ਲਈ ਭਵਿੱਖ ਵਿਚ ਵੀ ਅਜਿਹੇ ਸਿੱਖਿਆਦਾਇਕ ਉਪਰਾਲੇ ਜਾਰੀ ਰੱਖੇ ਜਾਣਗੇ। ਇਸ ਮੌਕੇ ਸੰਜੀਵ ਮਾਨਕਟਾਲਾ, ਪ੍ਰਿੰਸੀਪਲ ਐੱਸ.ਬੀ.ਐੱਸ.ਆਯੁਰਵੈਦਿਕ ਕਾਲਜ, ਸੁਖਦੀਪ ਕੌਰ, ਪ੍ਰਿੰਸੀਪਲ, ਸ਼ਰਨਜੀਤ ਕੌਰ, ਉਪ-ਪ੍ਰਿੰਸੀਪਲ ਅਤੇ ਸੁਖਵਿੰਦਰ ਕੌਰ ਤੋਂ ਇਲਾਵਾ ਪ੍ਰੋਗਰਾਮ ਦੇ ਪ੍ਰਬੰਧਕ ਸਹਾਇਕ ਪ੍ਰੋਫੈਸਰ ਅਮਨਦੀਪ ਕੌਰ ਅਤੇ ਖੁਸ਼ਪਾਲ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।