ਵਿਧਾਇਕ ਰਜਨੀਸ਼ ਦਹੀਆ ਦੀ ਮੁੱਖ ਮੰਤਰੀ ਨਾਲ ਬੈਠਕ ਨੇ ਸਿਆਸੀ ਗਲਿਆਰਿਆਂ ’ਚ ਮਚਾਈ ਹਲਚਲ
ਫ਼ਿਰੋਜ਼ਪੁਰ, 15 ਨਵੰਬਰ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਮਾਨ ਦੇ ਹਾਲ ਹੀ ’ਚ ਹੋਏ ਦੌਰੇ ਦੌਰਾਨ ਸੀ. ਐੱਮ ਸਟੇਜ ’ਤੇ ਵਿਧਾਇਕ ਰਜਨੀਸ਼ ਦਹੀਆ ਦਾ ਮੁੱਖ ਮੰਤਰੀ ਦੇ ਬਿਲਕੁਲ ਨਾਲ ਬੈਠਣਾ ਹਲਕੇ ਦੀ ਸਿਆਸਤ ਵਿਚ ਵੱਡਾ ਸੰਕੇਤ ਮੰਨਿਆ ਜਾ ਰਿਹਾ ਹੈ।
ਫ਼ਿਰੋਜ਼ਪੁਰ, 15 ਨਵੰਬਰ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਮਾਨ ਦੇ ਹਾਲ ਹੀ ’ਚ ਹੋਏ ਦੌਰੇ ਦੌਰਾਨ ਸੀ.ਐੱਮ ਸਟੇਜ ’ਤੇ ਵਿਧਾਇਕ ਰਜਨੀਸ਼ ਦਹੀਆ ਦਾ ਮੁੱਖ ਮੰਤਰੀ ਦੇ ਬਿਲਕੁਲ ਨਾਲ ਬੈਠਣਾ ਹਲਕੇ ਦੀ ਸਿਆਸਤ ਵਿਚ ਵੱਡਾ ਸੰਕੇਤ ਮੰਨਿਆ ਜਾ ਰਿਹਾ ਹੈ। ਇਸ ਇਕ ਤਸਵੀਰ ਨੇ ਹੀ ਸੰਭਾਵੀ ਉਮੀਦਵਾਰਾਂ ਅਤੇ ਵਿਰੋਧੀਆਂ ਦੇ ਖੇਮੇ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਪਿਛਲੇ ਕਾਫੀ ਸਮੇਂ ਤੋਂ ਹਲਕੇ ਵਿਚ ਵਿਧਾਇਕ ਰਜਨੀਸ਼ ਦਹੀਆ ਦੀ ਟਿਕਟ ਕੱਟੇ ਜਾਣ ਦੀਆਂ ਅਫਵਾਹਾਂ ਦਾ ਬਾਜ਼ਾਰ ਗਰਮ ਰਿਹਾ ਸੀ। ਵਿਰੋਧੀ ਧਿਰ ਵਲੋਂ ਸੋਸ਼ਲ ਮੀਡੀਆ ’ਤੇ ਇਸ ਤਰ੍ਹਾਂ ਦਾ ਪ੍ਰਚਾਰ ਜਾਣ-ਬੁੱਝ ਕੇ ਫੈਲਾਇਆ ਜਾ ਰਿਹਾ ਸੀ ਪਰ ਸੀ.ਐੱਮ ਸਟੇਜ ਤੋਂ ਆਏ ਇਸ ਸਪੱਸ਼ਟ ਸੰਦੇਸ਼ ਨੇ ਉਨ੍ਹਾਂ ਸਾਰੀਆਂ ਅਫਵਾਹਾਂ ’ਤੇ ਬ੍ਰੇਕ ਲਗਾ ਦਿੱਤੀ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ਼ ਵਿਧਾਇਕ ਨੂੰ ਆਪਣੇ ਨਾਲ ਬਿਠਾਇਆ ਸਗੋਂ ਪੂਰੇ ਸਮਾਗਮ ਦੌਰਾਨ ਉਨ੍ਹਾਂ ਨਾਲ ਲਗਾਤਾਰ ਵਿਚਾਰ-ਵਟਾਂਦਰਾ ਵੀ ਕਰਦੇ ਰਹੇ। ਇਸ ਥਾਪੜੇ ਤੋਂ ਬਾਅਦ ਵਿਧਾਇਕ ਦਹੀਆ ਆਉਣ ਵਾਲੀਆਂ ਚੋਣਾਂ ਵਿਚ ਸਭ ਤੋਂ ਮਜ਼ਬੂਤ ਉਮੀਦਵਾਰ ਵਜੋਂ ਸਾਹਮਣੇ ਆਉਣਗੇ। ਇਸ ਘਟਨਾਕ੍ਰਮ ਤੋਂ ਬਾਅਦ ਵਿਰੋਧੀ ਤਾਕਤਾਂ ਵਿੱਚ ਬੇਚੈਨੀ ਦਾ ਮਾਹੌਲ ਹੈ, ਜਦਕਿ ਵਿਧਾਇਕ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸਮਰਥਕਾਂ ਦਾ ਕਹਿਣਾ ਹੈ ਕਿ ਵਿਧਾਇਕ ਨੇ ਹਲਕੇ ਵਿਚ ਜੋ ਵਿਕਾਸ ਕਾਰਜ ਕਰਵਾਏ ਹਨ, ਉਸ ਦਾ ਫਲ ਉਨ੍ਹਾਂ ਨੂੰ ਮਿਲ ਰਿਹਾ ਹੈ ਅਤੇ ਮੁੱਖ ਮੰਤਰੀ ਨੇ ਖੁਦ ਉਨ੍ਹਾਂ ਦੀ ਕਾਰਗੁਜ਼ਾਰੀ ’ਤੇ ਮੋਹਰ ਲਗਾ ਦਿੱਤੀ ਹੈ।