ਮੰਗਾਂ ਦਾ ਠੋਸ ਹੱਲ ਹੋਣ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ, ਸਿਹਤ ਵਿਭਾਗ ਦੇ ਕਈ ਅਹਿਮ ਪ੍ਰੋਗਰਾਮ ਹੋ ਰਹੇ ਪ੍ਰਭਾਵਿਤ
ਫ਼ਿਰੋਜ਼ਪੁਰ, 21 ਨਵੰਬਰ (ਕੁਲਬੀਰ ਸਿੰਘ ਸੋਢੀ): ਐੱਨ. ਐੱਚ.
ਫ਼ਿਰੋਜ਼ਪੁਰ, 21 ਨਵੰਬਰ (ਕੁਲਬੀਰ ਸਿੰਘ ਸੋਢੀ): ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ। ਧਰਨਾਕਾਰੀ ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਠੋਸ ਅਤੇ ਲਿਖਤੀ ਹੱਲ ਨਹੀਂ ਕੀਤਾ ਜਾਂਦਾ। ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਯੂਨੀਅਨ ਆਗੂ ਨਰਿੰਦਰ ਸਿੰਘ, ਕਮਿਊਨਿਟੀ ਹੈੱਲਥ ਅਫ਼ਸਰ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਯੂਨੀਅਨ ਆਗੂ ਰਿੰਕੂ ਕੰਬੋਜ਼ ਅਤੇ ਡਾ. ਯੁਵਰਾਜ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿਚ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ, ਨੌਕਰੀ ਦੀ ਸੁਰੱਖਿਆ ਅਤੇ ਹੋਰ ਬਣਦੇ ਸੇਵਾ ਲਾਭ ਸ਼ਾਮਲ ਹਨ। ਯੂਨੀਅਨ ਆਗੂ ਡਾ. ਅਮਨ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮਾਂ ਦੀ ਹੜਤਾਲ ਕਾਰਨ ਸਿਹਤ ਵਿਭਾਗ ਦੇ ਕਈ ਅਹਿਮ ਕੌਮੀ ਸਿਹਤ ਪ੍ਰੋਗਰਾਮ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਸਮਾਂ ਰਹਿੰਦਿਆਂ ਮੰਗਾਂ ਦਾ ਹੱਲ ਕਰਦੀ ਹੈ ਤਾਂ ਮੁਲਾਜ਼ਮ ਮੁੜ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਤਿਆਰ ਹਨ। ਆਗੂ ਬਗੀਚ ਸਿੰਘ ਅਤੇ ਡਾ. ਯੁਵਰਾਜ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਵਲੋਂ ਕਈ ਵਾਰ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ, ਪਰ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁਲਾਜ਼ਮ ਹੁਣ ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਹੋਣ ਵਾਲੇ ਨਹੀਂ ਹਨ। ਜਦੋਂ ਤੱਕ ਮੰਗਾਂ ਸਬੰਧੀ ਲਿਖਤੀ ਫੈਸਲੇ ਲੈ ਕੇ ਉਨ੍ਹਾਂ ਨੂੰ ਅਮਲੀ ਰੂਪ ਵਿਚ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸੇ ਤਰ੍ਹਾਂ ਯੂਨੀਅਨ ਆਗੂ ਹਰਜਿੰਦਰ ਸਿੰਘ ਨੇ ਕਿਹਾ ਕਿ ਸਮੂਹ ਐੱਨ.ਐੱਚ.ਐੱਮ. ਮੁਲਾਜ਼ਮ ਆਪਣੇ ਹੱਕਾਂ ਲਈ ਪੂਰੀ ਇਕਜੁੱਟਤਾ ਨਾਲ ਲੜਾਈ ਲੜ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਯੂਨੀਅਨ ਵਲੋਂ ਉਲੀਕੇ ਜਾਣ ਵਾਲੇ ਸੰਘਰਸ਼ ਦੇ ਪ੍ਰੋਗਰਾਮਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਨਾਂ ਕਿਸੇ ਹੋਰ ਦੇਰੀ ਤੋਂ ਹੱਲ ਕੀਤਾ ਜਾਵੇ। ਯੂਨੀਅਨ ਆਗੂ ਡਾ. ਪ੍ਰੀਤ ਮੁਖੀਜਾ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਇਕ ਵਿਅਕਤੀ ਜਾਂ ਵਰਗ ਦਾ ਨਹੀਂ, ਸਗੋਂ ਸਮੂਹ ਐੱਨ.ਐੱਚ.ਐੱਮ. ਮੁਲਾਜ਼ਮਾਂ ਦੇ ਸਨਮਾਨ, ਹੱਕਾਂ ਅਤੇ ਸੁਰੱਖਿਅਤ ਭਵਿੱਖ ਦੀ ਲੜਾਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ। ਨਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਹੜਤਾਲ ਖ਼ਤਮ ਕਰਕੇ ਸਿਹਤ ਸੇਵਾਵਾਂ ਮੁੜ ਸੁਚਾਰੂ ਢੰਗ ਨਾਲ ਸ਼ੁਰੂ ਕੀਤੀਆਂ ਜਾ ਸਕਣ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੁਹਰਾਇਆ ਕਿ ਮੰਗਾਂ ਦਾ ਠੋਸ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਡਾ. ਮਨਮੀਤ ਕੌਰ, ਡਾ. ਲਲਿਤ, ਲਵਪ੍ਰੀਤ ਸਿੰਘ, ਡਾ. ਗੁਰਵਿੰਦਰ ਸਿੰਘ, ਡਾ. ਅਸ਼ੋਕ, ਡਾ. ਨੀਤਕਾ ਗੁਪਤਾ, ਨੇਹਾ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਗੌਰਵ, ਨਵਜੀਤ ਸਿੰਘ, ਸਤਨਾਮ ਸਿੰਘ, ਕੋਛੜ ਰਜੀਤ ਕੌਰ, ਮਨਪ੍ਰੀਤ ਕੌਰ ਅਤੇ ਪੈਰਾਮੈਡੀਕਲ ਯੂਨੀਅਨ ਦੇ ਆਗੂ ਨਰਿੰਦਰ ਸ਼ਰਮਾ, ਜਸਵਿੰਦਰ ਸਿੰਘ ਕੋੜਾ, ਗੁਰਮੇਲ ਸਿੰਘ, ਮਨਜੀਤ ਸਿੰਘ, ਪਰਮਵੀਰ ਸਿੰਘ, ਸੀਮਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।