ਡੀ.ਸੀ.ਐੱਮ. ਗਰੁੱਪ ਵਲੋਂ ਸਕੂਲਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
ਵੱਖ- ਵੱਖ ਸਕੂਲਾਂ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾਵਾਂ, ਸ਼ਬਦ ਕੀਰਤਨ ਅਤੇ ਪ੍ਰਭਾਤ ਫੇਰੀਆਂ ਦਾ ਆਯੋਜਨ
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੀ. ਸੀ.
ਡ
ਡੀ.ਸੀ.ਐੱਮ. ਗਰੁੱਪ ਦੇ ਵੱਖ-ਵੱਖ ਸਕੂਲਾਂ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮਾਂ ਦੀਆਂ ਤਸਵੀਰਾਂ। ਅਜੀਤ ਤਸਵੀਰ
26-11-2026
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੀ.ਸੀ.ਐੱਮ ਗਰੁੱਪ ਆਫ਼ ਸਕੂਲਜ਼ ਵਲੋਂ ਆਪਣੇ ਵੱਖ-ਵੱਖ ਸਕੂਲਾਂ ਵਿਚ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾਵਾਂ, ਸ਼ਬਦ ਕੀਰਤਨ ਅਤੇ ਪ੍ਰਭਾਤ ਫੇਰੀਆਂ ਦਾ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਅਧਿਆਪਕਾਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ, ਜਿਥੇ ਉਨ੍ਹਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਡੀ.ਸੀ ਮਾੱਡਲ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਯਾਚਨਾ ਚਾਵਲਾ ਨੇ ਦੱਸਿਆ ਕਿ ਸਕੂਲ ਵਿਚ ਕਰਵਾਈ ਗਈ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਨੇ ਸ਼ਰਧਾਪੂਰਵਕ ਸ਼ਬਦ ਕੀਰਤਨ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਗਤਕਾ ਕਲਾ ਦੇ ਜੌਹਰ ਵੀ ਦਿਖਾਏ ਗਏ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਪ੍ਰਣ ਲਿਆ ਗਿਆ। ਸਕੂਲ ਦੇ ਵਿਹੜੇ ਵਿਚ ਪ੍ਰਭਾਤ ਫੇਰੀ ਵੀ ਕੱਢੀ ਗਈ, ਜਿਸ ਦੌਰਾਨ ‘ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਸਮੁੱਚਾ ਮਾਹੌਲ ਗੂੰਜ ਉੱਠਿਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ। ਡੀਸੀਐੱਮ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਜਮਾਤ ਪ੍ਰੈਪ- 2 ਦੇ ਵਿਦਿਆਰਥੀਆਂ ਨੂੰ ਪਿੰਡ ਬਜੀਦਪੁਰ ਸਥਿਤ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲਿਜਾਇਆ ਗਿਆ। ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਦੇ ਨਾਲ-ਨਾਲ ਪਵਿੱਤਰ ਸਰੋਵਰ ਦੇ ਦਰਸ਼ਨ ਕੀਤੇ ਅਤੇ ਉਸ ਇਤਿਹਾਸਕ ਰੁੱਖ ਨੂੰ ਵੀ ਦੇਖਿਆ, ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਘੋੜਾ ਬੰਨ੍ਹਿਆ ਸੀ। ਸਕੂਲ ਦੇ ਨਹਿਰੂ ਬਲਾਕ ਵਿੱਚ ਕਰਵਾਈ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ। ਇਸ ਉਪਰੰਤ ਪ੍ਰਭਾਤ ਫੇਰੀ ਕੱਢੀ ਗਈ। ਜਿਸ ਦਾ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਦਾਸ ਐਂਡ ਬ੍ਰਾਊਨ ਵਰਲਡ ਸਕੂਲ ਦੀ ਕੈਂਬ੍ਰਿਜ ਵਿੰਗ ਦੀ ਉਪ ਪ੍ਰਿੰਸੀਪਲ ਬਿੰਦੂ ਗੁਪਤਾ ਨੇ ਦੱਸਿਆ ਕਿ ਕੈਂਬ੍ਰਿਜ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਕਰਵਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਗੁਰੂ ਘਰ ਵਿਚ ਸ਼ਬਦ ਕੀਰਤਨ ਸਰਵਣ ਕੀਤਾ ਅਤੇ ਸਾਰਾਗੜ੍ਹੀ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲ ਦੀ ਸਰਗਰਮੀ ਕੋਆਰਡੀਨੇਟਰ ਗੁਰਿੰਦਰਜੀਤ ਕੌਰ ਨੇ ਦੱਸਿਆ ਕਿ ਐਲੀਮੈਂਟਰੀ ਵਿੰਗ ਦੇ ਵਿਦਿਆਰਥੀਆਂ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਪੰਜ ਪਿਆਰਿਆਂ ਦੀ ਮਨਮੋਹਕ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜੀ ਸੱਚਾ ਸੌਦਾ ਸਾਖੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।