ਪੈਰਾਡਾਈਜ਼ ਸਕੂਲ ਵਿਖੇ ਸੱਤ ਰੋਜ਼ਾ ਐਨ.ਐੱਸ.ਐੱਸ. ਕੈਂਪ ਦਾ ਸ਼ਾਨਦਾਰ ਆਗਾਜ਼
ਜ਼ੀਰਾ, 26 ਨਵੰਬਰ (ਪ੍ਰਤਾਪ ਸਿੰਘ ਹੀਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਸੱਤ ਰੋਜ਼ਾ ਐਨ. ਐੱਸ.
ਜ਼ੀਰਾ, 26 ਨਵੰਬਰ (ਪ੍ਰਤਾਪ ਸਿੰਘ ਹੀਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਸੱਤ ਰੋਜ਼ਾ ਐਨ.ਐੱਸ.ਐੱਸ. ਕੈਂਪ ਦੀ ਸ਼ੁਰੂਆਤ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕੀਤੀ ਗਈ। ਇਸ ਕੈਂਪ ਦਾ ਰਸਮੀ ਉਦਘਾਟਨ ਸਕੂਲ ਦੇ ਚੇਅਰਮੈਨ ਹਰਜੀਤ ਸਿੰਘ ਸਿੱਧੂ, ਮੈਡਮ ਅਮਰਜੀਤ ਕੌਰ ਅਤੇ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਵਲੋਂ ਸਾਂਝੇ ਤੌਰ ’ਤੇ ਰਿਬਨ ਕੱਟ ਕੇ ਕੀਤਾ ਗਿਆ। ਇਸ ਸੱਤ ਰੋਜ਼ਾ ਕੈਂਪ ਵਿਚ ਵਲੰਟੀਅਰਾਂ ਨੇ ਵੱਡੀ ਗਿਣਤੀ ਵਿਚ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਉਦਘਾਟਨੀ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਨੇ ਕਿਹਾ ਕਿ ਐਨ.ਐੱਸ.ਐੱਸ. ਕੈਂਪ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਵਿਦਿਆਰਥੀਆਂ ਵਿੱਚ ਸਮਾਜ ਸੇਵਾ, ਅਨੁਸ਼ਾਸਨ, ਸਹਿਯੋਗ, ਲੀਡਰਸ਼ਿਪ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਧ ਤੋਂ ਵੱਧ ਸਮਾਜ ਭਲਾਈ ਦੇ ਕਾਰਜਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਵਲੋਂ ਵੱਖ-ਵੱਖ ਸੇਵਾ ਪ੍ਰੋਜੈਕਟਾਂ ਤਹਿਤ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਨਿਸ਼ਕਾਮ ਸੇਵਾ ਕੀਤੀ ਗਈ। ਇਸ ਦੌਰਾਨ ਵਲੰਟੀਅਰਾਂ ਵਲੋਂ ਗੁਰੂ ਘਰ ਦੇ ਅੰਦਰ ਅਤੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਕਰਨ ਦੇ ਨਾਲ-ਨਾਲ ਹੋਰ ਸੇਵਾ ਦੇ ਕਾਰਜ ਪੂਰੀ ਸ਼ਰਧਾ, ਲਗਨ ਅਤੇ ਉਤਸ਼ਾਹ ਨਾਲ ਨਿਭਾਏ ਗਏ। ਵਿਦਿਆਰਥੀਆਂ ਦੀ ਇਸ ਸੇਵਾ ਭਾਵਨਾ ਨੂੰ ਦੇਖਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵਲੋਂ ਸਕੂਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਪ ਦੀ ਅਗਵਾਈ ਕਰ ਰਹੇ ਪ੍ਰੋਗਰਾਮ ਅਫ਼ਸਰ ਅਰਵਿੰਦਰ ਸਿੰਘ, ਸਹਾਇਕ ਪ੍ਰੋਗਰਾਮ ਅਫ਼ਸਰ ਰਾਜਵਿੰਦਰ ਕੌਰ ਅਤੇ ਮੈਡਮ ਪ੍ਰੋਮਿਲਾ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।