ਫਿਰੋਜ਼ਪੁਰ, 28 ਮਈ (ਸੁਖਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀ ਸਿਆਸਤ ਵਿਚ ਵੱਡਾ ਫੈਸਲਾ ਲੈਂਦਿਆਂ ਸਿੱਖ ਚਿਹਰੇ ਨੂੰ ਤਰਜੀਹ ਦਿੱਤੀ ਗਈ ਹੈ | ਪਾਰਟੀ ਹਾਈਕਮਾਨ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਐਲਾਨ ਤੋਂ ਬਾਅਦ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਵੱਖ-ਵੱਖ ਆਗੂਆਂ ਵਲੋਂ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ | ਇਸ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਇਕ ਮਿਹਨਤੀ ਤਜਰਬੇਕਾਰ ਅਤੇ ਜ਼ਮੀਨੀ ਆਗੂ ਨੂੰ ਮਹੱਤਵਪੂਰਨ ਜਿੰਮੇਵਾਰੀ ਸੌਂਪੀ ਗਈ ਹੈ | ਰਾਣਾ ਸੋਢੀ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਨੂੰ ਨਵੀਂ ਦਿਸ਼ਾ ਮਿਲੇਗੀ | ਉਨ੍ਹਾਂ ਆਸ ਪ੍ਰਗਟਾਈ ਕੀ ਨਵੇਂ ਪ੍ਰਧਾਨ ਸੂਬੇ ਦੇ ਹਰ ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਹੋਣਗੇ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ | ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਪਣੀ ਨਿਯੁਕਤੀ ਉੱਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ | ਉਹ ਉਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ | ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਜੋ ਇਸ ਸਮੇਂ ਇਕ ਗੁੰਡਾ ਰਾਜ ਵਿਚ ਬਦਲ ਚੁੱਕਿਆ ਹੈ ਸਾਰੇ ਮਿਲ ਕੇ ਪੰਜਾਬ ਨੂੰ ਗੁੰਡਾ ਰਾਜ ਤੋਂ ਮੁਕਤ ਕਰਾਂਗੇ | ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਵਿਕਾਸ ਨੂੰ ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ 19ਵੇਂ ਨੰਬਰ ਤੇ ਸੀ ਉਸ ਨੂੰ ਇਕ ਨੰਬਰ ਤੇ ਲੈ ਕੇ ਆਵਾਂਗੇ ਅਤੇ 2027 ਵਿਚ ਪੰਜਾਬ ਅੰਦਰ ਕਮਲ ਦਾ ਫੁੱਲ ਖਿੜੇਗਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਅਤੇ ਪਾਰਟੀ ਦੇ ਹਰ ਵਰਗ ਦੀਆਂ ਉਮੀਦਾਂ 'ਤੇ ਖਰਾ ਉੱਤਰਨਾ ਉਨ੍ਹਾਂ ਦੀ ਪਹਿਲ ਹੋਵੇਗੀ | ਉਨ੍ਹਾਂ ਪਾਰਟੀ ਦੇ ਸਮੂਹ ਵਰਕਰਾਂ ਅਤੇ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਨਵੀਂ ਸੋਚ ਅਤੇ ਨਵੀਂ ਵਿਜ਼ਨ ਨਾਲ ਅੱਗੇ ਵਧੇਗੀ | ਇਸ ਮੌਕੇ ਵਰਕਰਾਂ ਨੇ ਵੀ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਪਾਰਟੀ ਲਈ ਇਕ ਅਹਿਮ ਕਦਮ ਕਰਾਰ ਦਿੱਤਾ |