ਬਠਿੰਡਾ, 1 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਸੂਬੇ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਕੇਂਦਰ ਸਰਕਾਰ ਦੇ ਮਨਰੇਗਾ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ 7 ਜਨਵਰੀ ਨੂੰ ਬਠਿੰਡਾ 'ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਗੱਜਣ ਦਾ ਐਲਾਨ ਕੀਤਾ ਹੈ, ਜਿਸ ਸੰਬੰਧੀ ਮੋਰਚੇ ਦੀ ਮੀਟਿੰਗ ਸਥਾਨਕ ਡਾ. ਅੰਬੇਡਕਰ ਪਾਰਕ ਵਿਖੇ ਹੋਈ | ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਮਨਦੀਪ ਸਿੰਘ ਸਿਵੀਆਂ, ਜਰਨੈਲ ਸਿੰਘ ਚਰਨਾਥਲ, ਕਾਕਾ ਸਿੰਘ ਜੀਦਾ, ਤੀਰਥ ਸਿੰਘ ਕੋਠਾਗੁਰੂ, ਗੁਰਮੀਤ ਸਿੰਘ ਕੋਟਗੁਰੂ, ਨਛੱਤਰ ਸਿੰਘ ਚੱਠੇਵਾਲਾ ਤੇ ਗੁਲਾਬ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਖ਼ਤਮ ਕਰਕੇ ਦੇਸ਼ ਭਰ ਦੇ ਮਜ਼ਦੂਰਾਂ ਦੇ ਢਿੱਡ 'ਤੇ ਲੱਤ ਮਾਰ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਪੰਜਾਬ ਵਿਧਾਨ ਸਭਾ 'ਚ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਨ ਦਾ ਮਤਾ ਪਾਸ ਕਰਦੀ ਹੈ ਪਰ ਦੂਜੇ ਪਾਸੇ ਮੋਦੀ ਦੇ ਬਣਾਏ ਹੋਏ ਮਜ਼ਦੂਰ ਵਿਰੋਧੀ ਕਿਰਤ ਕੋਡਾਂ ਨੂੰ ਲਾਗੂ ਕਰਕੇ ਸਰਮਾਏਦਾਰਾਂ ਨੂੰ ਮਜ਼ਦੂਰਾਂ ਦੀ ਲੁੱਟ ਕਰਨ ਦੀਆਂ ਖੁੱਲ੍ਹਾਂ ਦੇ ਰਹੀ ਹੈ ਅਤੇ ਮਜ਼ਦੂਰ ਆਗੂ ਮੁਕੇਸ਼ ਮਲੌਦ ਨੰੂ ਗਿ੍ਫ਼ਤਾਰ ਕਰਕੇ ਸਰਕਾਰ ਨੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦਿੱਤਾ | ਮਜ਼ਦੂਰ ਆਗੂਆਂ ਐਲਾਨ ਕੀਤਾ ਕਿ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਵਾਉਣ ਲਈ 7 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਉਸ ਉਪਰੰਤ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |