ਭਗਤਾ ਭਾਈਕਾ, 2 ਜਨਵਰੀ (ਸੁਖਪਾਲ ਸਿੰਘ ਸੋਨੀ)-ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਦੀਆਂ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਲੋਕ ਮਾਰੂ ਨੀਤੀਆਂ ਤਹਿਤ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਅਤੇ 44 ਲੇਬਰ ਕਾਨੂੰਨ ਭੰਗ ਕਰਕੇ 4 ਲੇਬਰ ਕੋਡ ਪੰਜਾਬ ਦੀ ਜਨਤਾ ਉੱਪਰ ਤਾਨਾਸ਼ਾਹ ਰਵੱਈਏ ਨਾਲ ਲਾਗੂ ਕਰਨ ਦੇ ਵਿਰੋਧ ਵਿਚ ਸਮੁੱਚੀਆਂ ਜਥੇਬੰਦੀਆਂ ਵਲੋਂ ਅੱਜ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਮਾਰਚ ਦੌਰਾਨ ਬੀਕੇਯੂ ਏਕਤਾ ਉਗਰਾਹਾਂ, ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਅਤੇ ਪੈਨਸ਼ਨਰ ਐਸੋਸੀਏਸ਼ਨ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ | ਮਾਰਚ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪ੍ਰਧਾਨ ਜਸਪਾਲ ਸਿੰਘ ਕੋਠਾ ਗੁਰੂ ਅਤੇ ਅਵਤਾਰ ਸਿੰਘ ਭਗਤਾ ਭਾਈਕਾ, ਬੀਬੀ ਮਾਲਣ ਕੌਰ, ਪੀ ਐਸ ਈ ਬੀ ਇੰਪਲਾਈਜ਼ ਫੈਡਰੇਸ਼ਨ ਦੇ ਸੂਬਾ ਆਗੂ ਪੂਰਨ ਸਿੰਘ ਗੁੰਮਟੀ, ਸਰਕਲ ਬਠਿੰਡਾ ਆਗੂ ਮੱਘਰ ਸਿੰਘ, ਮਹਿੰਦਰਪਾਲ ਸਿੰਘ ਸਕੱਤਰ ਮੰਡਲ ਯੂਨਿਟ ਭਗਤਾ ਭਾਈ ਵਲੋਂ ਸੰਬੋਧਨ ਕੀਤਾ ਗਿਆ | ਬੁਲਾਰਿਆਂ ਵਲੋਂ ਬਿਜਲੀ ਸੋਧ ਬਿੱਲ 2025 ਬੀਜ ਬਿੱਲ 2025 ਅਤੇ ਲੇਬਰ ਕੋਡ ਦੇ ਸਬੰਧ ਵਿਚ ਸਥਾਨਕ ਇਲਾਕੇ ਦੇ ਪਿੰਡ-ਪਿੰਡ ਰੋਸ ਮਾਰਚ ਕਰਕੇ ਲੋਕਾਂ ਨੂੰ ਇਨ੍ਹਾਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ | ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਆਗੂਆਂ ਕਿਹਾ ਕਿ ਕਿ ਪੰਜਾਬ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਅਤੇ ਹੁਣ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਲੋਕ ਮਾਰੂ ਨੀਤੀਆਂ ਦਾ ਬੋਝ ਆਮ ਜਨਤਾ ਤੇ ਉਪਰ ਇਨ੍ਹਾਂ ਕਾਲੇ ਕਾਨੂੰਨਾਂ ਦੇ ਤਹਿਤ ਪਾਇਆ ਜਾ ਰਿਹਾ ਹੈ | ਅਜਿਹੇ ਕਾਨੂੰਨਾ ਨੂੰ ਪੰਜਾਬ ਦੇ ਲੋਕ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਆਗੂਆਂ ਨੇ ਦੱਸਿਆ ਕਿ ਪਾਵਰ ਕੌਮ ਦੀਆਂ ਬਹੁ ਮੁੱਲੀਆਂ ਜ਼ਮੀਨਾਂ ਜਾਇਦਾਦਾਂ ਨੂੰ ਪੰਜਾਬ ਸਰਕਾਰ ਆਪਣੇ ਨਿੱਜੀ ਮੁਫ਼ਾਦਾਂ ਲਈ ਕੌਡੀਆਂ ਦੇ ਭਾਅ ਸਰਮਾਏਦਾਰਾਂ ਨੂੰ ਵੇਚਣ ਲਈ ਤੁਲੀ ਹੋਈ ਹੈ | ਸੰਯੁਕਤ ਕਿਸਾਨ ਮੋਰਚਾ ਵਲੋਂ ਆਰੰਭੇ ਸੰਘਰਸ਼ ਦੀ ਲੜੀ ਤਹਿਤ ਮਿਤੀ 16 ਜਨਵਰੀ 2025 ਨੂੰ ਸਮੁੱਚੇ ਪੰਜਾਬ ਅੰਦਰ ਡਿਪਟੀ ਕਮਿਸ਼ਨਰ ਦਫ਼ਤਰਾਂ ਸਾਹਮਣੇ ਰੋਸ ਧਰਨੇ ਦਿੱਤੇ ਜਾਣਗੇ | ਆਗੂਆਂ ਵਲੋਂ ਪੰਜਾਬ ਸਰਕਾਰ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਮੰਗ ਕੀਤੀ ਗਈ | ਆਗੂਆਂ ਨੇ ਕਿਹਾ ਕਿ ਜੇਕਰ ਲੋਕ ਮਾਰੂ ਨੀਤੀਆਂ ਨੂੰ ਤੁਰੰਤਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਜਥੇਬੰਦੀਆਂ ਤਿੱਖੇ ਸੰਘਰਸ਼ ਲਈ ਮਜ਼ਬੂਰ ਹੋਣਗੀਆਂ | ਇਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਹ ਰੋਸ ਮਾਰਚ ਪਿੰਡ ਕੋਠਾ ਗੁਰੂ, ਬੁਰਜ ਥਰੋੜ, ਭਗਤਾ ਭਾਈਕਾ, ਆਕਲੀਆ, ਗੁਰੂਸਰ, ਜਲਾਲ, ਗੁੰਮਟੀ ਪਿੰਡਾਂ ਵਿਚੋਂ ਕੱਢਿਆ ਗਿਆ | ਇਸ ਦੌਰਾਨ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਸਖ਼ਤ ਵਿਰੋਧ ਕੀਤਾ ਗਿਆ |