ਬਠਿੰਡਾ, 2 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਬੱਸ ਅੱਡਾ ਬਚਾਓ ਸੰਘਰਸ਼ ਮੋਰਚੇ ਦੇ ਆਗੂ ਤੇ ਉੱਘੇ ਟਰਾਂਸਪੋਰਟਰ ਬਲਤੇਜ ਸਿੰਘ ਵਾਂਦਰ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਕੁਝ ਪੱਤਰਕਾਰਾਂ ਅਤੇ ਜਨਤਕ ਨੁਮਾਇੰਦਿਆਂ 'ਤੇ ਮੁਕੱਦਮਾ ਦਰਜ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਦਾ ਘਾਣ ਦੱਸਿਆ |ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦਿੱਤੀ ਆਪਣੀ ਇਕ ਵੀ ਗਰੰਟੀ ਪੂਰੀ ਨਹੀਂ ਕਰ ਸਕੀ ਤੇ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਸਰਕਾਰ ਨੂੰ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ, ਜੋ ਆਮ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਬਲਤੇਜ ਸਿੰਘ ਵਾਂਦਰ ਨੇ ਕਿਹਾ ਕਿ ਆਪ ਸਰਕਾਰ ਵਲੋਂ ਆਮ ਲੋਕਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ, ਜਿਸ ਦੀ ਦੀ ਪ੍ਰਤੱਖ ਉਦਾਹਰਣ ਬਠਿੰਡਾ ਦਾ ਮੌਜੂਦਾ ਬੱਸ ਅੱਡਾ ਬਚਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਲੋਕਾਂ ਦੀ ਸੁਣਵਾਈ ਨਾ ਕਰਨਾ ਹੈ | ਉਨ੍ਹਾਂ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹੁੰਦੇ ਹਨ, ਜੋ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹਨ ਤੇ ਕਦੇ ਵੀ ਇਹ ਆਵਾਜ਼ ਦੱਬਣ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਤੁਰੰਤ ਇਹ ਸਰਕਾਰੀ ਦਬਾਅ ਵਾਲੀ ਨੀਤੀ ਬੰਦ ਨਾ ਕੀਤੀ ਤਾਂ ਬੱਸ ਅੱਡਾ ਬਚਾਓ ਸੰਘਰਸ਼ ਮੋਰਚਾ ਪੱਤਰਕਾਰਾਂ ਅਤੇ ਲੋਕਤੰਤਰਕ ਤਾਕਤਾਂ ਦੇ ਨਾਲ ਮਿਲ ਕੇ ਤਿੱਖਾ ਸੰਘਰਸ਼ ਵਿੱਢੇਗਾ |