ਬਠਿੰਡਾ, 5 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਜ਼ਿਲ੍ਹੇ ਵਿਚ ਸਥਾਪਿਤ ਕਾਮਨ ਸਰਵਿਸ ਸੈਂਟਰਾਂ 'ਤੇ ਰਜਿਸਟਰੇਸ਼ਨ ਕਰਵਾਈ ਜਾ ਸਕੇਗੀ | ਉਕਤ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਸਥਾਨਕ ਬਲਵੰਤ ਗਾਰਗੀ ਆਡੋਟੋਰੀਅਮ ਵਿਖੇ ਕਰਵਾਏ ਗਏ ਇਕ ਜਾਗਰੂਕਤਾ ਪ੍ਰੋਗਰਾਮ ਦੌਰਾਨ ਕੀਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਹਾਜ਼ਰੀਨ ਜਿੰਨ੍ਹਾਂ ਵਿਚ ਜ਼ਿਲ੍ਹੇ ਭਰ ਦੇ ਕਰੀਬ 404 ਕਾਮਨ ਸਰਵਿਸ ਸੈਂਟਰਾਂ ਦੇ ਓਪ੍ਰੇਟਰ ਵੀ ਸਨ, ਨੂੰ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਵੱਧ ਤੋਂ ਵੱਧ ਲੋਕਾਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ ਤਾਂ ਜੋ ਹਰੇਕ ਵਿਅਕਤੀ ਇਸ ਯੋਜ਼ਨਾ ਦਾ ਲਾਭ ਪ੍ਰਾਪਤ ਕਰ ਸਕੇ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਉਣ ਲਈ ਨਾ ਤਾਂ ਕੋਈ ਉਮਰ ਦੀ ਹੱਦ ਹੈ ਅਤੇ ਨਾ ਹੀ ਕੋਈ ਆਮਦਨ ਦੀ ਹੱਦ ਹੈ | ਕਾਰਡ ਬਣਾਉਣ ਲਈ ਸਿਰਫ਼ ਪੰਜਾਬ ਦਾ ਵਸਨੀਕ ਹੋਣਾ ਜ਼ਰੂਰੀ ਹੈ | ਕਾਰਡ ਬਣਾਉਣ ਸਮੇਂ ਵਿਅਕਤੀ ਕੋਲ ਆਧਾਰ ਕਾਰਡ, ਵੋਟਰ ਕਾਰਡ ਅਤੇ ਮੋਬਾਇਲ ਨੰਬਰ ਹੋਣਾ ਲਾਜ਼ਮੀ ਹੈ ਅਤੇ ਇਹ ਵੀ ਜ਼ਰੂਰੀ ਹੈ ਕਿ ਸਬੰਧਤ ਵਿਅਕਤੀ ਦਾ ਆਧਾਰ ਕਾਰਡ ਮੋਬਾਇਲ ਨੰਬਰ ਨਾਲ ਲਿੰਕ ਹੋਵੇ | ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਤੱਕ ਲਾਭ ਪਹੁੰਚਾਉਣ ਲਈ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ ਅਤੇ ਐਨ.ਜੀ.ਓਜ਼ ਆਦਿ ਦਾ ਪੂਰਾ ਸਹਿਯੋਗ ਲੈਂਦਿਆਂ ਵੱਧ ਤੋਂ ਵੱਧ ਲੋਕਾਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ ਤਾਂ ਜੋ ਜ਼ਿਲ੍ਹੇ ਅੰਦਰ ਕੋਈ ਵਿਅਕਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ |