ਬਠਿੰਡਾ, 5 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ): ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ 2026 ਦੀ ਸ਼ੁਰੂਆਤ ਦੇ ਮੱਦੇਨਜ਼ਰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਦੌਰਾਨ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਰਿੰਦਰ ਸਿੰਘ ਧਾਲੀਵਾਲ, ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿਚ ਨਤਮਸਤਕ ਹੋਏ | ਇਸ ਮੌਕੇ ਰਾਗੀ ਜੱਥਾ ਭਾਈ ਸੁਖਵਿੰਦਰ ਸਿੰਘ ਸਿੰਘਪੁਰੇ ਵਾਲੇ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਰਸਭਿੰਨਾ ਕੀਰਤਨ ਕਰਕੇ ਪਹੁੰਚੀ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਿਰੋਪਾੳ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਰਾਜਵੀਰ ਸਿੰਘ ਮਾਨ, ਗੁਰਸੇਵਕ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ |