ਭਾਈਰੂਪਾ, 6 ਜਨਵਰੀ (ਵਰਿੰਦਰ ਲੱਕੀ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਪਿੰਡ ਸਿਧਾਣਾ ਵਿਖੇ ਰਵਿਦਾਸ ਧਰਮਸ਼ਾਲਾ ਵਿਚ ਕੀਤੀ ਰੈਲੀ ਦੌਰਾਨ ਕੇਂਦਰ ਦੀ ਮੋਦੀ ਹਕੂਮਤ ਦੇ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮਨਰੇਗਾ ਨੂੰ ਖਤਮ ਕਰਕੇ ਜੀ ਰਾਮ ਜੀ ਲਿਆਉਣ ਰਾਹੀਂ ਕੇਂਦਰੀ ਬਜਟ 'ਚੋਂ ਪੈਣ ਵਾਲਾ 90 ਫੀਸਦੀ ਹਿੱਸਾ ਘਟਾ ਕੇ 60 ਫੀਸਦੀ ਕਰਨ ਵਰਗੇ ਮਜ਼ਦੂਰ ਵਿਰੋਧੀ ਕਦਮਾਂ ਰਾਹੀਂ ਮਜ਼ਦੂਰਾਂ ਦਾ ਰੁਜ਼ਗਾਰ ਖੋਹ ਕੇ ਮਜ਼ਦੂਰਾਂ ਦੇ ਚੱੁਲਿ੍ਹਆਂ ਨੂੰ ਠੰਢਾ ਕਰਨ ਦੀ ਨੀਤੀ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਪਹਿਲਾਂ ਮਜ਼ਦੂਰ ਵਰਗ ਨੂੰ ਸਰਮਾਏਦਾਰਾਂ ਤੇ ਕਾਰਪੋਰੇਟ ਘਰਾਣਿਆਂ ਦੀ ਅੰਨੀ ਲੁੱਟ ਦਾ ਸ਼ਿਕਾਰ ਬਨਾਉਣ ਲਈ ਕਿਰਤ ਕਾਨੂੰਨਾਂ 'ਚ ਮਜ਼ਦੂਰ ਵਿਰੋਧੀ ਸੋਧਾਂ ਕੀਤੀਆਂ ਗਈਆਂ ਅਤੇ ਹੁਣ ਮਨਰੇਗਾ ਨੂੰ ਖਤਮ ਕਰਕੇ ਸੰਸਾਰ ਬੈਂਕ ਤੇ ਕੌਮਾਂਤਰੀ ਮੁਦਰਾ ਕੋਸ਼ ਵਰਗੀਆਂ ਸਾਮਰਾਜੀ ਸੰਸਥਾਵਾਂ ਦੁਆਰਾ ਲੋਕ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਂਦੇ ਬਜਟਾਂ ਨੂੰ ਛਾਂਗਣ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ | ਉਹਨਾਂ ਆਖਿਆ ਕਿ ਇੱਕ ਪਾਸੇ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਨ ਦਾ ਮਤਾ ਪਾਸ ਕਰਦੀ ਹੈ ਪਰ ਦੂਜੇ ਪਾਸੇ ਮੋਦੀ ਦੇ ਬਣਾਏ ਹੋਏ ਮਜ਼ਦੂਰ ਵਿਰੋਧੀ ਕਿਰਤ ਕੋਡਾਂ ਨੂੰ ਲਾਗੂ ਕਰਕੇ ਸਰਮਾਏਦਾਰਾਂ ਨੂੰ ਮਜ਼ਦੂਰਾਂ ਦੀ ਲੁੱਟ ਕਰਨ ਦੀ ਖੁੱਲ ਦੇ ਰਹੀ ਹੈ | ਉਨ੍ਹਾਂ ਐਲਾਨ ਕੀਤਾ ਕਿ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਵਾਉਣ ਅਤੇ ਮਨਰੇਗਾ ਕਾਨੂੰਨ ਵਿਚ ਮਜ਼ਦੂਰ ਪੱਖੀ ਸੋਧਾ ਕਰਵਾ ਕੇ ਲਾਗੂ ਕਰਨ ਤੱਕ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਮਜ਼ਦੂਰ ਆਗੂ ਚਮਕੌਰ ਸਿੰਘ ਸਿਧਾਣਾ ਭੂਸ਼ਨ ਸਿੰਘ ਸਧਾਣਾ ਮਲਕੀਤ ਸਿੰਘ ਸੇਲਵਰਾ ਸਾਧੂ ਸਿੰਘ ਸੇਲਬਰਾਹ ਆਦਿ ਆਗੂ ਹਾਜ਼ਰ ਸਨ |
ਮਨਰੇਗਾ ਖ਼ਤਮ ਕਰਨ ਵਿਰੁੱਧ 7 ਦੇ ਬਠਿੰਡਾ ਧਰਨੇ ਵਿਚ ਵਹੀਰਾਂ ਘੱਤ ਕੇ ਪਰਿਵਾਰਾਂ ਸਮੇਤ ਪਹੁੰਚਨਗੇ ਖੇਤ ਮਜ਼ਦੂਰ-ਕੁਲਵੰਤ ਸਿੰਘ ਸੇਲਬਰਾਹ
ਅਜੀਤ ਡੈਸਕ
07-01-2026