ਸੰਗਤ ਮੰਡੀ, 6 ਜਨਵਰੀ (ਸੁਖਤੇਜ ਧਾਲੀਵਾਲ)-ਲੋਕ ਮੋਰਚਾ ਪੰਜਾਬ ਵਲੋਂ ਪਿੰਡ ਕੋਟਗੁਰੂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸਹਿਯੋਗ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਪਿੰਡ ਦੇ ਕਿਸਾਨ, ਮਜ਼ਦੂਰ, ਮਨਰੇਗਾ ਕਾਮਿਆਂ ਅਤੇ ਅÏਰਤਾਂ ਨੇ ਭਾਗ ਲਿਆ | ਮੀਟਿੰਗ ਵਿਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 2025, ਨਵਾਂ ਬੀਜ ਬਿੱਲ, ਕਿਰਤ ਸਬੰਧੀ ਚਾਰ ਕੋਡ ਪਾਸ ਕਰਨ ਅਤੇ ਕੇਂਦਰ ਦੀ ਨਿੱਜੀਕਰਨ ਨੀਤੀ ਦਾ ਜ਼ੋਰਦਾਰ ਵਿਰੋਧ ਕਰਦਿਆਂ ਲੋਕਾਂ ਨੂੰ ਇਨ੍ਹਾਂ ਮਾਰੂ ਸਕੀਮਾਂ ਬਾਰੇ ਜਾਗਰੂਕ ਕੀਤਾ | ਲੋਕ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਸਾਮਰਾਜੀ ਦੇਸ਼ਾਂ, ਬਹੁ ਰਾਸ਼ਟਰੀ ਕੰਪਨੀਆਂ ਅਤੇ ਭਾਰਤ ਦੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ਉੱਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਸਤੇ ਨਵੇਂ ਕਾਨੂੰਨ ਲਿਆ ਰਹੀ ਹੈ | ਬੀਕੇਯੂ ਉਗਰਾਹਾਂ ਦੇ ਆਗੂ ਜਸਕਰਨ ਸਿੰਘ ਗੋਰਾ ਨੇ ਕਿਹਾ ਕਿ ਨਿੱਜੀਕਰਨ ਦੀ ਨੀਤੀ ਪੱਕੇ ਤੌਰ ਉੱਤੇ ਰੱਦ ਕਰਨ, ਨਿੱਜੀਕਰਨ ਕੀਤੇ ਗਏ ਅਦਾਰਿਆਂ ਨੂੰ ਮੁੜ ਸਰਕਾਰੀ ਕੰਟਰੋਲ ਹੇਠ ਲੈਣ, ਸਾਮਰਾਜੀ ਅਤੇ ਭਾਰਤੀ ਵੱਡੇ ਕਾਰਪੋਰੇਟਾਂ ਦੀਆਂ ਕੰਪਨੀਆਂ ਨੂੰ ਲੁੱਟ ਦੀਆਂ ਖੁੱਲ੍ਹਾਂ ਦੇਣੀਆਂ ਬੰਦ ਕਰਨ, ਵੱਡੇ ਕਾਰਪੋਰੇਟਾਂ ਨੂੰ ਦਿੱਤੀਆਂ ਜਾਂਦੀਆਂ ਸਭ ਰਿਆਇਤਾਂ/ਛੋਟਾਂ ਰੱਦ ਕਰਕੇ ਆਮ ਲੋਕਾਂ ਨੂੰ ਵਧੇਰੇ ਸਹੂਲਤਾਂ ਦੇਣ, ਭਾਰਤ ਅਮਰੀਕਾ ਵਪਾਰ ਵਾਰਤਾ ਬੰਦ ਕਰਨ ਅਤੇ ਸਾਮਰਾਜੀਆਂ ਨਾਲ ਕੀਤੇ ਸਭ ਸਮਝੌਤੇ ਸੰਧੀਆਂ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ | ਇਸ ਮੌਕੇ ਜਸਕਰਨ ਸਿੰਘ ਕੋਟ ਗੁਰੂ,ਰਣਧੀਰ ਸਿੰਘ,ਜਸਮੇਲ ਸਿੰਘ, ਮਲਕੀਤ ਸਿੰਘ , ਹਰਦੇਵ ਸਿੰਘ, ਗੁਰਮੇਲ ਸਿੰਘ, ਮੁਖ਼ਤਿਆਰ ਸਿੰਘ, ਜਗਜੀਤ ਸਿੰਘ, ਮੇਜ਼ਰ ਸਿੰਘ, ਭੋਲਾ ਸਿੰਘ,ਦੇਵ ਸਿੰਘ,ਆਦਿ ਹਾਜ਼ਰ ਸਨ |
ਲੋਕ ਮੋਰਚਾ ਪੰਜਾਬ ਵਲੋਂ ਪਿੰਡ ਕੋਟਗੁਰੂ ਦੇ ਕਿਸਾਨਾਂ ਮਜ਼ਦੂਰਾਂ ਨਾਲ ਮੀਟਿੰਗ
ਅਜੀਤ ਡੈਸਕ
07-01-2026