ਬਠਿੰਡਾ, 6 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਰ ਸਾਲ ਦੀ ਤਰ੍ਹਾਂ ਪਾਰਟੀ, ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਹਾਜੀ ਰਤਨ ਸਾਹਿਬ ਬਠਿੰਡਾ 'ਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਿਰਪਾਓ ਭੇਟ ਕਰਕੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕਦੇ ਹੋਏ ਵਧਾਈ ਦਿੱਤੀ | ਇਸ ਮੌਕੇ ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ, ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਬਲਕਾਰ ਸਿੰਘ ਬਰਾੜ, ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਬਠਿੰਡਾ ਸ਼ਹਿਰੀ ਹਲਕਾ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ, ਓ.ਐੱਸ.ਡੀ. ਗੁਰਚਰਨ ਸਿੰਘ, ਹਲਕਾ ਤਲਵੰਡੀ ਸਾਬੋ ਦੇ ਇੰਚਾਰਜ਼ ਰਵੀਪ੍ਰੀਤ ਸਿੰਘ ਸਿੱਧੂ, ਹਲਕਾ ਭੁੱਚੋ ਦੇ ਇੰਚਾਰਜ਼ ਮਾਨ ਸਿੰਘ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਤੇ ਦਲਜੀਤ ਸਿੰਘ ਗੁਰੂ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ | ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਹੜੇ ਲੀਡਰ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਦੀਆਂ ਸੋਚਾਂ ਰੱਖਦੇ ਹਨ, ਉਨ੍ਹਾਂ ਨੂੰ ਇਹ ਦੇਖ ਲੈਣਾ ਚਾਹੀਦਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਮਾਲਵੇ ਵਿਚ ਅਕਾਲੀ ਦਲ ਦੀ ਹੂੰਝਾ ਫੇਰ ਜਿੱਤ ਹੋਈ ਹੈ ਅਤੇ ਸੂਬਾ ਸਰਕਾਰ ਦੀਆਂ ਧੱਕੇਸ਼ਾਹੀਆਂ ਦੇ ਬਾਵਜੂਦ ਵੱਡੀ ਗਿਣਤੀ 'ਚ ਅਕਾਲੀ ਉਮੀਦਵਾਰ ਜੇਤੂ ਰਹੇ ਹਨ | ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪੰਜਾਬੀ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਅੱਗੇ ਆਉਣ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਥ ਤੇ ਪੰਜਾਬ ਦੀ ਨੁਮਾਇੰਦਾ ਪਾਰਟੀ ਹੈ, ਜੋ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਦੀ ਹੈ | ਇਸ ਵੇਲੇ ਪੰਜਾਬ ਬੜੇ ਮਾੜੇ ਹਾਲਾਤਾਂ 'ਚੋਂ ਲੰਘ ਰਿਹਾ, ਜਿਸ ਦੇ ਸੁਧਾਰ ਲਈ ਸੂਬੇ 'ਚ ਅਗਲੀ ਸਰਕਾਰ ਅਕਾਲੀ ਦਲ ਦੀ ਬਣਾਉਣ ਦੀ ਲੋੜ ਹੈ | ਇਸ ਮੌਕੇ ਰਾਜਵਿੰਦਰ ਸਿੰਘ ਸਿੱਧੂ, ਨਿਰਮਲ ਸਿੰਘ ਸੰਧੂ, ਗੁਰਲਾਭ ਸਿੰਘ ਢੇਲਵਾਂ, ਹਰਜੀਤ ਸਿੰਘ ਕਾਲਝਰਾਣੀ, ਗੁਰਦੀਪ ਸਿੰਘ ਕੋਟਸ਼ਮੀਰ, ਡਾ: ਓਮ ਪ੍ਰਕਾਸ਼ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਮੌਜੂਦ ਸਨ |