ਮਾਨਸਾ, 6 ਜਨਵਰੀ (ਰਵੀ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਮੋਰਚੇ ਵਲੋਂ ਮਗਨਰੇਗਾ ਸਕੀਮ 'ਚ ਤਬਦੀਲੀ ਲਿਆਉਣ ਦੇ ਵਿਰੋਧ 'ਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਭਾਜਪਾ ਦੀ ਮੋਦੀ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਪਹਿਲਾਂ ਤੋਂ ਮਿਲਦੀਆਂ ਸਹੂਲਤਾਂ ਖੋਹਣ 'ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡਣ ਲੱਗੀਆਂ ਹਨ ਅਤੇ ਕਿਰਤੀਆਂ ਦੇ ਹੱਕਾਂ ਨੂੰ ਮਾਰ ਰਹੀਆਂ ਹਨ | ਉਨ੍ਹਾਂ ਅਮਰੀਕਾ ਵਲੋਂ ਵੈਨੇਜ਼ੂਏਲਾ 'ਤੇ ਕੀਤੇ ਹਮਲੇ ਦੀ ਨਿੰਦਾ ਕਰਦਿਆਂ ਉੱਥੋਂ ਦੇ ਰਾਸ਼ਟਰਪਤੀ ਤੇ ਪਤਨੀ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ | ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਵੀ ਭੇਜਿਆ ਗਿਆ | ਇਸ ਮੌਕੇ ਕਿ੍ਸ਼ਨ ਸਿੰਘ ਚੌਹਾਨ, ਗੁਰਦੇਵ ਸਿੰਘ ਦਲੇਲ ਸਿੰਘ ਵਾਲਾ, ਗੁਰਸੇਵਕ ਸਿੰਘ ਮਾਨਬੀਬੜੀਆਂ, ਰਤਨ ਭੋਲਾ, ਬਲਵਿੰਦਰ ਸਿੰਘ ਘਰਾਂਗਣਾ, ਸੁਖਦੇਵ ਸਿੰਘ ਮਾਨਸਾ, ਧੰਨਾ ਸਿੰਘ ਬੱਪੀਆਣਾ, ਅੰਗਰੇਜ਼ ਸਿੰਘ ਘਰਾਂਗਣਾ, ਮੋਠੂ ਸਿੰਘ ਭੱਠਲ, ਹਾਕਮ ਸਿੰਘ ਖਿਆਲਾ, ਦਾਰਾ ਸਿੰਘ ਆਦਿ ਹਾਜ਼ਰ ਸਨ |