ਗੋਨਿਆਣਾ, 27 ਜਨਵਰੀ (ਲਛਮਣ ਦਾਸ ਗਰਗ): ਕਿਸਾਨ ਅੰਦੋਲਨ ਦੌਰਾਨ 26 ਜਨਵਰੀ 2021 ਦੀ ਟਰੈਕਟਰ ਪਰੇਡ ਦੀ ਪੰਜਵੀਂ ਵਰ੍ਹੇਗੰਡ ਉੱਪਰ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਤੇ ਕੇਂਦਰੀਕਰਨ ਦੀਆਂ ਨੀਤੀਆਂ ਵਾਪਸ ਕਰਾਉਣ ਲਈ ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਅਤੇ ਹੋਰ ਭਖਦੀਆਂ ਮੰਗਾਂ ਲਾਗੂ ਕਰਵਾਉਣ ਦੇ ਸੱਦੇ ਤਹਿਤ ਗੋਨਿਆਣਾ ਮੰਡੀ ਅਤੇ ਪਿੰਡਾਂ ਵਿਚ ਟਰੈਕਟਰ ਮਾਰਚ ਕੀਤੇ ਗਏ | ਉਕਤ ਮੌਕੇ ਸੰਬੋਧਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ ਦੇ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਕੌਰ ਬਿੰਦੂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਪੂਹਲੀ, ਭਾਰਤੀ ਕਿਸਾਨ ਯੂਨੀਅਨ ਏਕਤਾ ਮਾਨਸਾ ਦੇ ਆਗੂ ਬੇਅੰਤ ਸਿੰਘ, ਜਮਹੂਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਸੁਖਦੇਵ ਸਿੰਘ ਕੁੱਬੇ ਨੇ ਕਿਹਾ ਕਿ ਭਾਵੇਂ ਦਿੱਲੀ ਅੰਦੋਲਨ ਦੌਰਾਨ ਕਿਸਾਨ ਲਹਿਰ ਦੀ ਤਾਕਤ ਅੱਗੇ ਝੁਕਦਿਆਂ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਤਾਂ ਵਾਪਸ ਲੈ ਲਏ ਸਨ | ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਦੀ ਭਗਵੰਤ ਮਾਨ ਕੇਂਦਰ ਦੀਆਂ ਨੀਤੀਆਂ ਲਾਗੂ ਕਰਨ ਦੀ ਥਾਂ ਪੰਜਾਬ ਦੇ ਲੋਕਾਂ ਨਾਲ ਖੜ ਕੇ ਕੇਂਦਰੀਕਰਨ, ਨਿੱਜੀਕਰਨ ਦੇ ਵਿਰੁੱਧ ਅਤੇ ਪੰਜਾਬ ਦੇ ਹੱਕਾਂ ਲਈ ਕੇਂਦਰ ਵਿਰੁੱਧ ਅੰਦੋਲਨ ਕਰੇ |