ਮਹਿਰਾਜ, 2 ਫਰਵਰੀ (ਸੁਖਪਾਲ ਮਹਿਰਾਜ)-ਪੀ ਐਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੱਤੀ ਕਰਮ ਚੰਦ ਮਹਿਰਾਜ ਵਿਚ ਵਿਸ਼ੇਸ਼ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਰਤੀ ਸਾਹਿਤ ਅਕਾਦਮੀ ਯੁਵਾ ਪੁਰਸਕਾਰ ਨਾਲ ਸਨਮਾਨਿਤ ਪ੍ਰਸਿੱਧ ਪੰਜਾਬੀ ਸਾਹਿਤਕਾਰ ਪ੍ਰਗਟ ਸਿੰਘ ਸਤੌਜ ਵਿਦਿਆਰਥੀਆਂ ਨਾਲ ਰੂ-ਬਰੂ ਹੋਏ | ਸਤੌਜ ਨੇ ਆਪਣੇ ਸਾਹਿਤਕ ਅਨੁਭਵ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਨ-ਲਿਖਣ ਅਤੇ ਮਾਂ-ਬੋਲੀ ਪੰਜਾਬੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੀ ਗੰਭੀਰ ਸੋਚ ਅਤੇ ਸਾਦਗੀ ਭਰੀ ਬਾਣੀ ਨੇ ਵਿਦਿਆਰਥੀਆਂ 'ਤੇ ਡੂੰਘਾ ਪ੍ਰਭਾਵ ਛੱਡਿਆ | ਸਕੂਲ ਪਿ੍ੰਸੀਪਲ ਗੀਤਾ ਅਰੋੜਾ ਨੇ ਕਿਹਾ ਕਿ ਅਜਿਹੇ ਸਾਹਿਤਕ ਸਮਾਗਮ ਵਿਦਿਆਰਥੀਆਂ ਦੇ ਬੌਧਿਕ ਅਤੇ ਸੱਭਿਆਚਾਰਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਸਮਾਗਮ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸੁਖਵੀਰ ਕੌਰ ਨੇ ਨਿਭਾਈ | ਅੰਤ ਵਿਚ ਸਤੌਜ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |