ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਬੀਮਾ ਪ੍ਰਦਾਨ ਕਰਨ ਲਈ ਇਕ ਇਤਿਹਾਸਕ ਯੋਜਨਾ ਸ਼ੁਰੂ ਕੀਤੀ ਹੈ | ਇਸ ਮਹੱਤਵਪੂਰਨ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਪਿੰਡ ਝੰਡੇਆਣਾ ਗਰਬੀ ਅਤੇ ਕੋਰੇਵਾਲਾ ਕਲਾਂ ਵਿਚ ਲਗਾਏ ਗਏ ਰਜਿਸਟ੍ਰੇਸ਼ਨ ਕੈਂਪਾਂ ਵਿਚ ਲੋਕਾਂ ਨੇ ਬਹੁਤ ਉਤਸ਼ਾਹ ਦਿਖਾਇਆ | ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਝੰਡੇਆਣਾ ਗਰਬੀ ਅਤੇ ਕੋਰੇਵਾਲਾ ਕਲਾਂ ਵਿਚ ਕੈਂਪਾਂ ਦਾ ਉਦਘਾਟਨ ਕਰਨ ਤੋਂ ਬਾਅਦ ਲੋਕਾਂ ਨਾਲ ਗੱਲਬਾਤ ਕਰਦਿਆਂ ਇਹ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸੂਬੇ ਭਰ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਜ਼ੋਰਾਂ 'ਤੇ ਹੈ | ਉਨ੍ਹਾਂ ਵਸਨੀਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ |