ਬਠਿੰਡਾ, 5 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ 8 ਫਰਵਰੀ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਹੈ, ਜਿਸ ਦੌਰਾਨ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਕੋਠੀ ਦਾ ਘਿਰਾਓ ਕਰਨ ਲਈ ਚਾਲੇ ਪਾਏ ਜਾਣਗੇ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਪੰਜਾਬ ਦੇ ਸੂਬਾ ਆਗੂ ਦਵਿੰਦਰ ਸਿੰਘ ਸੰਧੂ, ਮਨਪ੍ਰੀਤ ਸਿੰਘ ਮੋਗਾ, ਗੁਰਲਾਲ ਸਿੰਘ, ਅਨੁਭਵ ਗੁਪਤਾ, ਵੀਰਪਾਲ ਕੌਰ ਸਿਧਾਣਾ, ਹਰਪ੍ਰੀਤ ਕੌਰ ਅਤੇ ਅਧਿਆਪਕ ਦਲਜੀਤ ਸਿੰਘ ਨੇ ਦੱਸਿਆ ਕਿ 12710 ਸਪੈਸ਼ਲ ਕਾਡਰ ਅਧਿਆਪਕਾਂ 'ਤੇ ਪੇਅ ਸਕੇਲ ਲਾਗੂ ਕਰਨ ਸਮੇਤ ਉਨ੍ਹਾਂ ਦੀਆਂ ਹੋਰ ਮੰਗਾਂ ਸੰਬੰਧੀ ਪੰਜਾਬ ਸਰਕਾਰ ਲਗਾਤਾਰ ਟਾਲ-ਮਟੋਲ ਕਰ ਰਹੀ ਹੈ, ਜਿਸ ਕਾਰਨ ਅਧਿਆਪਕਾਂ 'ਚ ਭਾਰੀ ਰੋਸ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ 2023 ਵਿਚ ਨਿਯੁਕਤੀ ਪੱਤਰ ਦੇਣ ਸਮੇਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵਲੋਂ ਉਨ੍ਹਾਂ ਨੂੰ ਇਕ ਸਾਲ ਦੇ ਅੰਦਰ-ਅੰਦਰ ਬਾਕੀ ਰਹਿੰਦੇ ਲਾਭ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ ਤੇ ਪਿਛਲੇ ਢਾਈ ਸਾਲਾਂ ਉਹ ਲਾਭ ਮੰਗ ਰਹੇ ਹਨ, ਪਰ ਸੂਬਾ ਸਰਕਾਰ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ | ਇਸੇ ਰੋਸ ਵਜੋਂ 8 ਫਰਵਰੀ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿੱਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਸਮੂਹ ਕਾਡਰ ਨੂੰ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ |