ਮਾਨਸਾ, 5 ਫਰਵਰੀ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬਾਲ ਵਿਆਹ ਰੋਕਣ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਲੀਆ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਭੂਸ਼ਣ ਸਿੰਗਲਾ ਨੇ ਕਿਹਾ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਸਿੱਖਿਅਕ ਵਿਕਾਸ 'ਚ ਵੀ ਵੱਡੀ ਰੁਕਾਵਟ ਬਣਦਾ ਹੈ | ਉਨ੍ਹਾਂ ਦੱਸਿਆ ਕਿ ਕਾਨੂੰਨ ਅਨੁਸਾਰ ਲੜਕੇ ਦੀ ਉਮਰ 21 ਅਤੇ ਲੜਕੀ ਦੀ ਉਮਰ 18 ਸਾਲ ਤੋਂ ਘੱਟ ਹੋਣ 'ਤੇ ਵਿਆਹ ਕਰਵਾਉਣਾ ਸਜ਼ਾ ਯੋਗ ਜੁਰਮ ਹੈ | ਉਨ੍ਹਾਂ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਚਾਈਲਡ ਹੈਪਲਾਈਨ ਨੰ. 1098 ਜਾਂ ਨਜ਼ਦੀਕੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ | ਉਨ੍ਹਾਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ, ਸਪਾਂਸਰਸ਼ਿਪ ਸਕੀਮਾਂ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ |