ਮਾਨਸਾ, 21 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ, ਆਮ ਆਦਮੀ ਪਾਰਟੀ ਦੀ ਸਰਕਾਰ ਗਠਿਤ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸਿੱਖਿਆ ਖੇਤਰ ਲਈ ਬਜਟ 'ਚ ਬਹੁਤ ਵਾਧਾ ਕੀਤਾ ਗਿਆ ਹੈ | ਇਹ ਪ੍ਰਗਟਾਵਾ ਖ਼ਜ਼ਾਨਾ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਪੀ.ਐਮ. ਊਸ਼ਾ ਸਕੀਮ ਤਹਿਤ ਹੋਸਟਲ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ | ਉਨ੍ਹਾਂ ਦੱਸਿਆ ਕਿ 10 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਇਸ ਹੋਸਟਲ 'ਚ 122 ਵਿਦਿਆਰਥਣਾਂ ਲਈ ਰਿਹਾਇਸ਼ੀ ਕਮਰਿਆਂ ਦਾ ਨਿਰਮਾਣ 6 ਮਹੀਨਿਆਂ 'ਚ ਹੋ ਜਾਵੇਗਾ | ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਛੇਤੀ ਹੀ ਇਸ ਕਾਲਜ ਵਿਚ 13 ਲੱਖ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ ਤਾਂ ਕਿ ਵਿਦਿਆਰਥਣਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕਰ ਸਕਣ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਸਫਲ ਸਾਬਤ ਹੋਈ ਹੈ ਅਤੇ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਜਲਦ ਪੂਰਾ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਰਾਜ 'ਚੋਂ ਨਸ਼ਿਆਂ ਤੇ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਵਿਸ਼ੇਸ਼ ਮੁਹਿੰਮ ਜਾਰੀ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਅਪਰਾਧੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਵਿੱਤ ਮੰਤਰੀ ਨੇ ਦੱਸਿਆ ਕਿ ਅਗਲੇ ਵਰੇ੍ਹ ਦਾ ਬਜਟ ਲੋਕ ਭਲਾਈ ਵਾਲਾ ਹੋਵੇਗਾ, ਜਿਸ ਸਬੰਧੀ ਉਹ ਦਿਨ-ਰਾਤ ਇਕ ਕਰ ਰਹੇ ਹਨ | ਇਸ ਮੌਕੇ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਬੁਢਲਾਡਾ ਦੇ ਵਿਧਾਇਕ ਬੁੱਧ ਰਾਮ, ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਪ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਕਾਲਜ ਪਿ੍ੰਸੀਪਲ ਡਾ. ਬਰਿੰਦਰ ਕੌਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ (ਸੀ.ਸੀ.) ਡਾ. ਅਮਰ ਇੰਦਰ ਸਿੰਘ, ਖ਼ਜ਼ਾਨਾ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਆਪ ਆਗੂ ਅਮਨ ਮਿੱਤਲ, ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਸੁਨੀਲ ਕੁਮਾਰ ਨੀਨੂ, ਰਮੇਸ਼ ਕੁਮਾਰ ਖਿਆਲਾ, ਇਸਤਰੀ ਆਗੂ ਸ਼ਰਨਜੀਤ ਕੌਰ ਤੋਂ ਇਲਾਵਾ ਬਾਬਾ ਕੇਸ਼ਵ ਮੁਨੀ ਹਾਜ਼ਰ ਸਨ |