ਕੋਟਫੱਤਾ, 25 ਫਰਵਰੀ (ਰਣਜੀਤ ਸਿੰਘ ਬੁੱਟਰ)-ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਵਲੋਂ ਵਿਦਿਆਰਥੀਆਂ ਦੇ ਵਿਦਿਅਕ ਅਤੇ ਤਕਨੀਕੀ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਬਾਬਾ ਫ਼ਰੀਦ ਆਈ.ਟੀ.ਆਈ., ਕੋਟਸ਼ਮੀਰ ਵਿਖੇ ਵਿਦਿਅਕ ਟੂਰ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਆਈ. ਟੀ. ਆਈ. ਵਿਚ ਚੱਲ ਰਹੀਆਂ ਵੱਖ-ਵੱਖ ਟਰੇਡਾਂ ਬਾਰੇ ਜਾਣਕਾਰੀ ਦਿੱਤੀ ਗਈ | ਸੰਸਥਾ ਦੇ ਪਿ੍ੰਸੀਪਲ ਸੁਖਪ੍ਰੀਤ ਸਿੰਘ ਨੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਤਕਨੀਕੀ ਸਿੱਖਿਆ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਆਈ. ਟੀ. ਆਈ. ਕੋਰਸ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਂਦੇ ਹਨ ਅਤੇ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਦੇ ਹਨ | ਇਸ ਮੌਕੇ ਇੰਸਟਰੱਕਟਰਾਂ ਵਲੋਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਕੰਮਕਾਜ, ਮਸ਼ੀਨਰੀ ਅਤੇ ਤਕਨੀਕੀ ਸਹੂਲਤਾਂ ਬਾਰੇ ਵੀ ਦੱਸਿਆ ਗਿਆ | ਵਿਦਿਆਰਥੀਆਂ ਨੇ ਵਰਕਸ਼ਾਪਾਂ ਦਾ ਦੌਰਾ ਕਰਕੇ ਮਸ਼ੀਨਾਂ ਦੀ ਕਾਰਗੁਜ਼ਾਰੀ ਨੂੰ ਨਜ਼ਦੀਕ ਤੋਂ ਵੇਖਿਆ ਅਤੇ ਆਪਣੇ ਪ੍ਰਸ਼ਨਾਂ ਦੇ ਜਵਾਬ ਪ੍ਰਾਪਤ ਕੀਤੇ | ਸਕੂਲ ਦੇ ਅਧਿਆਪਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿਦਿਅਕ ਟੂਰ ਵਿਦਿਆਰਥੀਆਂ ਨੂੰ ਆਪਣੇ ਭਵਿੱਖੀ ਕਰੀਅਰ ਦੀ ਚੋਣ ਕਰਨ ਵਿਚ ਮੱਦਦਗਾਰ ਸਾਬਤ ਹੁੰਦੇ ਹਨ | ਉਨ੍ਹਾਂ ਨੇ ਬਾਬਾ ਫ਼ਰੀਦ ਆਈ. ਟੀ. ਆਈ., ਕੋਟਸ਼ਮੀਰ ਦੇ ਪਿ੍ੰਸੀਪਲ ਸੁਖਪ੍ਰੀਤ ਸਿੰਘ ਅਤੇ ਸਟਾਫ਼ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਯੋਗ ਮਾਰਗਦਰਸ਼ਨ ਦਿੱਤਾ |