ਕੋਟਫੱਤਾ, 25 ਫ਼ਰਵਰੀ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦਾਖ਼ਲਾ ਮੁਹਿੰਮ ਦਾ ਸ਼ੁਭ ਆਰੰਭ ਪਿ੍ੰਸੀਪਲ ਲਵਲੀਨ ਕੌਰ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਬਲਜੀਤ ਸਿੰਘ ਗਿਆਨੀ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਵੀ ਹਾਜ਼ਰੀ ਭਰੀ ਅਤੇ ਸਕੂਲ ਪ੍ਰਬੰਧਨ ਨੂੰ ਹਰ ਤਰ੍ਹਾਂ ਦਾ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਪਿ੍ੰਸੀਪਲ ਨੇ ਦੱਸਿਆ ਕਿ ਦਾਖਲਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਕੂਲ ਅਧਿਆਪਕਾਂ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ | ਜੋ ਘਰ-ਘਰ ਜਾ ਕੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਚ ਉਪਲੱਬਧ ਸਰਕਾਰੀ ਆਧੁਨਿਕ ਸਹੂਲਤਾਂ, ਯੋਗ ਅਤੇ ਅਨੁਭਵੀ ਅਧਿਆਪਕ ਸਟਾਫ਼, ਸਮਾਰਟ ਕਲਾਸ ਰੂਮ, ਖੇਡਾਂ ਅਤੇ ਹੋਰ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਗੁਣਵੱਤਾ ਯੁਕਤ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਸਕੂਲ ਵਲੋਂ ਬੱਚਿਆਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲ ਵਿਚ ਕਰਵਾਕੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮਜ਼ਬੂਤ ਕਦਮ ਚੁੱਕਣ | ਇਸ ਮੌਕੇ ਗਹਿਰੀ ਦੇਵੀ ਨਗਰ ਸਕੂਲ ਦਾ ਸਮੂਹ ਸਟਾਫ਼ ਪਿੰਡ ਦੀ ਪੰਚਾਇਤ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |