ਬਠਿੰਡਾ, 2 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੋਕ ਮੋਰਚਾ ਪੰਜਾਬ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਆਦੀਆਂ ਦੇ ਨੌਜਵਾਨ ਰਣਜੀਤ ਸਿੰਘ ਦੇ ਪੁਲਸ ਮੁਕਾਬਲੇ ਵਿਚ ਮਾਰੇ ਜਾਣ ਦੀ ਉੱਚ ਪੱਧਰੀ ਨਿਰਪੱਖ ਜਾਂਚ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਲੋਕਾਂ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੇ ਅੰਨ੍ਹੇ ਜਾਬਰ ਅਧਿਕਾਰ ਵਾਪਸ ਲਏ ਜਾਣ ਦੀ ਮੰਗ ਕੀਤੀ ਗਈ ਹੈ | ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਤੇ ਸੂਬਾ ਕਮੇਟੀ ਮੈਂਬਰ ਸ਼ੀਰੀਂ ਨੇ ਕਿਹਾ ਕਿ ਪਿਛਲੇ ਸਮੇਂ ਅੰਦਰ ਪੁਲਿਸ ਮੁਕਾਬਲਿਆਂ ਦੀਆਂ ਘਟਨਾਵਾਂ ਵਿਚ ਬੇਹੱਦ ਤੇਜ਼ੀ ਆਈ ਹੈ | ਪਿਛਲੇ ਤਿੰਨ ਮਹੀਨਿਆਂ ਦੌਰਾਨ ਹੀ ਪੰਜਾਬ ਪੁਲਿਸ ਵਲੋਂ 34 ਇਨਕਾਊਾਟਰ ਕੀਤੇ ਗਏ, ਜਿਨ੍ਹਾਂ ਵਿਚ ਪੰਜ ਮੌਤਾਂ ਹੋਈਆਂ ਹਨ ਅਤੇ 45 ਵਿਅਕਤੀ ਜ਼ਖ਼ਮੀ ਹੋਏ ਹਨ | ਜੁਰਮਾਂ ਨਾਲ ਨਜਿੱਠਣ ਦੀ ਇਹ ਪਹੁੰਚ ਬੇਹੱਦ ਖ਼ਤਰਨਾਕ, ਗ਼ੈਰ-ਕਾਨੂੰਨੀ ਅਤੇ ਗ਼ੈਰ-ਜਮਹੂਰੀ ਹੈ | ਇਹ ਸਰਕਾਰ ਵਲੋਂ ਆਪਣੇ ਕਾਨੂੰਨਾਂ ਨੂੰ ਉਲੰਘ ਕੇ ਆਪ ਮਤੇ ਢੰਗ ਨਾਲ ਸਜਾਵਾਂ ਦੇਣ ਦੀ ਪਹੁੰਚ ਹੈ | ਭਗਵੰਤ ਮਾਨ ਸਰਕਾਰ ਅਜਿਹੇ ਮੁਕਾਬਲੇ ਬਣਾਉਣ ਵਿਚ ਪਹਿਲੀਆਂ ਸਰਕਾਰਾਂ ਨੂੰ ਮਾਤ ਦੇ ਰਹੀ ਹੈ | ਆਗੂਆਂ ਨੇ ਕਿਹਾ ਕਿ ਰਣਜੀਤ ਸਿੰਘ ਦਾ ਝੂਠਾ ਪੁਲਸ ਮੁਕਾਬਲਾ ਕੱਲੀ ਕਹਿਰੀ ਘਟਨਾ ਨਹੀਂ ਹੈ ਤੇ ਨਾ ਪਹਿਲੀ ਹੈ | ਹਰ ਸਰਕਾਰ ਸਮੇਂ ਇਹ ਅਮਲ ਚਲਦਾ ਰਿਹਾ ਹੈ | ਹੁਣ ਵੀ ਸਰਕਾਰਾਂ ਬਣਾਉਣ ਵਾਲੀਆਂ ਸਾਰੀਆਂ ਸਿਆਸੀ ਪਾਰਟੀਆਂ ਇਨ੍ਹਾਂ ਝੂਠੇ ਪੁਲਸ ਮੁਕਾਬਲਿਆਂ ਬਾਰੇ ਮੂੰਹ ਨਹੀਂ ਖੋਲ੍ਹ ਰਹੀਆਂ | ਆਗੂਆਂ ਵਲੋਂ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਗਿਆ ਕਿ ਉਨ੍ਹਾਂ ਨੂੰ ਇਸ ਕਤਲ ਤੇ ਅਜਿਹੇ ਹੋਰ ਕਤਲਾਂ ਦੀ ਉੱਚ ਪੱਧਰੀ ਨਿਰਪੱਖ ਜਾਂਚ ਦੀ ਮੰਗ ਕਰਨੀ ਚਾਹੀਦੀ ਹੈ ਅਤੇ ਇਸ ਫਾਸ਼ੀ ਰੁਝਾਨ ਖ਼ਿਲਾਫ਼ ਇੱਕਜੁੱਟ ਹੋ ਕੇ ਸੰਘਰਸ਼ ਦਾ ਝੰਡਾ ਬੁਲੰਦ ਕਰਨਾ ਚਾਹੀਦਾ ਹੈ |