ਬਠਿੰਡਾ, 6 ਮਾਰਚ (ਸੱਤਪਾਲ ਸਿੰਘ ਸਿਵੀਆਂ)-ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ, ਜਿਸ ਦੀ ਤਿਆਰੀ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਠਿੰਡਾ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਹਰਨੇਕ ਸਿੰਘ ਗਹਿਰੀ, ਬਲਰਾਜ ਮੌੜ, ਕਿਸ਼ੋਰ ਚੰਦ ਗਾਜ, ਜਸਪਾਲ ਜੱਸੀ, ਸੁਖਚੈਨ ਸਿੰਘ, ਗੁਰਮੀਤ ਸਿੰਘ ਭੋਡੀਪੁਰਾ, ਹੰਸਰਾਜ ਬੀਜਵਾ, ਰਾਜਪਾਲ ਸਿੰਘ, ਦਰਸ਼ਨ ਸ਼ਰਮਾ, ਸੁਰੇਸ਼ ਗੋਨਿਆਣਾ, ਧਰਮ ਸਿੰਘ ਕੋਠਾਗੁਰੂ, ਲਖਵੀਰ ਭਾਗੀਵਾਂਦਰ ਤੇ ਬਲਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅੰਦਰ ਠੇਕਾ ਪ੍ਰਣਾਲੀ ਅਤੇ ਆਊਟਸੋਰਸ ਰਾਹੀਂ ਭਰਤੀ ਕੀਤੇ ਗਏ ਮੁਲਾਜ਼ਮ ਪਿਛਲੇ 15 ਤੋਂ 20 ਸਾਲਾਂ ਤੋਂ ਕੱਚੇ ਕਾਮਿਆਂ ਵਜੋਂ ਕੰਮ ਕਰ ਰਹੇ ਹਨ, ਜਿੰਨਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ | ਇਸ ਤੋਂ ਇਲਾਵਾ ਪੰਜਾਬ ਦਾ ਮੁਲਾਜਮ ਹੋਰਨਾਂ ਸੂਬਿਆਂ ਦੇ ਮੁਲਾਜ਼ਮਾਂ ਤੋਂ 16 ਫੀਸਦੀ ਡੀ.ਏ. ਘੱਟ ਲੈ ਰਿਹਾ, ਡੀ.ਏ. ਦੀਆਂ ਕਿਸਤਾਂ ਨਹੀਂ ਦਿੱਤੀਆਂ ਜਾ ਰਹੀਅ, ਪੇਅ ਕਮਿਸ਼ਨ ਤੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ, ਬੋਰਡਾਂ-ਕਾਰਪੋਰੇਸ਼ਨਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ, ਪੈਨਸ਼ਨਰਾਂ ਉਪਰ 2.59 ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਅਧਿਆਪਕਾਂ 'ਤੇ ਟੈੱਟ ਥੋਪਿਆ ਜਾ ਰਿਹਾ, ਜਿਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਅੰਦਰ ਸਰਕਾਰ ਖਿਲਾਫ ਗੁੱਸਾ ਹੈ | ਉਨਾਂ ਕਿਹਾ ਕਿ ਇਸੇ ਰੋਸ ਵਜੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ ਅਤੇ ਸੈਸ਼ਨ ਦੌਰਾਨ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ |