ਮਾਨਸਾ, 28 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀਆਂ ਕੀਤੀਆਂ ਗਈਆਂ | ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ ਪੀ ਐਮ ਸ੍ਰੀ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਭੀਖੀ ਵਿਖੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੁੰਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਬੁਨਿਆਦੀ ਢਾਂਚਾਗਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਬੱਚੇ ਨੂੰ ਵਧੀਆ ਸਿੱਖਿਆ ਸਹੂਲਤਾਂ ਮਿਲ ਸਕਣ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ 'ਸਕੂਲ ਆਫ਼ ਐਮੀਨੈਂਸ' ਵਿੱਚ ਤਬਦੀਲ ਕੀਤਾ ਜਾ ਰਿਹਾ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ 'ਤੇ ਸਿਰਫ਼ ਪੜ੍ਹਾਈ ਦਾ ਬੋਝ ਨਾ ਪਾਓ, ਸਗੋਂ ਉਨ੍ਹਾਂ ਦੇ ਹੁਨਰ ਨੂੰ ਪਛਾਣਨ ਵਿੱਚ ਅਧਿਆਪਕਾਂ ਦੀ ਮਦਦ ਕਰੋ | ਭੀਖੀ ਵਿਖੇ ਸਮਾਗਮ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਮਾ: ਵਰਿੰਦਰ ਸੋਨੀ, ਆਪ ਆਗੂ ਰਾਜਿੰਦਰ ਸਿੰਘ ਜਾਫਰੀ, ਸਿਕੰਦਰ ਸਿੰਘ, ਰਾਜ ਕੁਮਾਰ, ਸੇਵਾ ਮੁਕਤ ਥਾਣੇਦਾਰ ਬਲਵੰਤ ਸਿੰਘ ਭੀਖੀ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਨੇ ਵੱਖ-ਵੱਖ ਸਕੂਲਾਂ 'ਚ ਸ਼ਿਰਕਤ ਕਰ ਕੇ ਮਾਪਿਆਂ ਨਾਲ ਗੱਲਬਾਤ ਕੀਤੀ | ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮਿਲਣੀਆਂ ਸਮੇਂ ਜਮਾਤਾਂ ਦੇ ਨਤੀਜੇ ਵੀ ਐਲਾਨੇ ਗਏ ਅਤੇ ਮੋਹਰੀ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ |