ਲਹਿਰਾ ਮੁਹੱਬਤ, 4 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਮੋਗਾ ਵਿੱਚ ਮੁੱਖ ਮੰਤਰੀ ਪੰਜਾਬ ਨੂੰ ਸ਼ਾਂਤਮਈ ਤਰੀਕੇ ਸਵਾਲ ਪੁੱਛਣੇ ਸਨ, ਪਰ ਕਿਸਾਨ ਆਗੂਆਂ ਨੂੰ ਪੁਲਿਸ ਵਲੋਂ ਪਹਿਲਾਂ ਹੀ ਗਿ੍ਫ਼ਤਾਰ ਕੀਤਾ ਗਿਆ | ਪੰਜਾਬ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ | ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਬੀ.ਕੇ.ਯੂ ਏਕਤਾ ਡਕੌਂਦਾ ਧਨੇਰ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਿੰਦਰ ਸਿੰਘ ਕੋਟਲੀ ਤੇ ਜ਼ਿਲ੍ਹਾ ਆਗੂ ਅਮਰਜੀਤ ਹਨੀ ਨੇ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਸ਼ਾਂਤਮਈ ਤਰੀਕੇ ਨਾਲ ਸਵਾਲ ਹੀ ਪੁੱਛਣੇ ਸਨ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਿਸਾਨ ਆਗੂਆਂ ਨੂੰ ਫ਼ੌਰੀ ਰਿਹਾਅ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਜਬਰ ਢਾਇਆ ਜਾ ਰਿਹਾ ਹੈ | ਸਰਕਾਰ ਨੂੰ ਲੱਗਦਾ ਕਿ ਲੋਕਾਂ 'ਤੇ ਜਬਰ ਕਰਕੇ ਹੱਕੀ ਸੰਘਰਸ਼ ਤੋਂ ਰੋਕਿਆ ਜਾਵੇਗਾ | ਸਰਕਾਰ ਦਾ ਇਹ ਭੁਲੇਖਾ ਵੀ ਆਉਣ ਵਾਲੇ ਦਿਨਾਂ ਵਿੱਚ ਲੋਕ ਸੰਘਰਸ਼ ਰਾਹੀਂ ਕੱਢ ਦਿੱਤਾ ਜਾਵੇਗਾ | ਉਨ੍ਹਾਂ ਮਾਨ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਆਗੂਆਂ ਨੂੰ ਫ਼ੌਰੀ ਰਿਹਾਅ ਨਾ ਕੀਤਾ ਗਿਆ ਤਾਂ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਜਥੇਬੰਦੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਸਰਕਾਰ ਕੇਂਦਰ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ | ਇਨ੍ਹਾਂ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਜੇਲ੍ਹਾਂ ਵਿਚ ਬੰਦ ਕਰਨ ਦਾ ਫੈਸਲਾ ਕੀਤਾ ਹੋਇਆ | ਜਿਸ ਦੀ ਮਿਸਾਲ ਅੱਜ ਮੋਗਾ ਦੀ ਰੈਲੀ ਹੈ ਕਿਸਾਨਾਂ ਦੀਆਂ ਵੋਟਾਂ ਲੈ ਕੇ ਗੱਦੀ 'ਤੇ ਬੈਠਣ ਵਾਲਾ ਮੁੱਖ ਮੰਤਰੀ ਕਿਸਾਨਾਂ ਦੇ ਖਿਲਾਫ ਲਗਾਤਾਰ ਫ਼ੈਸਲੇ ਕਰ ਰਿਹਾ ਹੈ | ਸਰਕਾਰ ਦੇ ਇਨ੍ਹਾਂ ਫ਼ੈਸਲਿਆਂ ਦੇ ਖਿਲਾਫ ਕਿਸਾਨ ਜਥੇਬੰਦੀਆਂ ਸੰਘਰਸ਼ ਦੇ ਮੈਦਾਨ ਵਿਚ ਹਨ | ਅਜਿਹੇ ਐਮਰਜੈਂਸੀ ਵਰਗੇ ਹਾਲਤਾਂ ਵਿਚ ਇਸ ਲੋਕ ਮਾਰੂ ਫ਼ੈਸਲਿਆਂ ਖਿਲਾਫ ਸਾਂਝੇ ਸੰਘਰਸ਼ ਸਮੇਂ ਦੀ ਲੋੜ ਹੈ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੰਘਰਸ਼ਾਂ ਦੇ ਮੈਦਾਨ ਵਿਚ ਆਉਣ ਦਾ ਸੱਦਾ ਦਿੱਤਾ ਹੈ |