ਬਠਿੰਡਾ, 4 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫ਼ੈਸਲਾਕੁਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐੱਸ.) ਫ਼ਰੀਦਕੋਟ ਦੇ ਅਧੀਨ ਚੱਲ ਰਹੇ ਸਥਾਨਕ ਗਰੋਥ ਸੈਂਟਰ 'ਚ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਦਾ ਅਚਾਨਕ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਇੱਥੇ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਵੀ ਗੱਲਬਾਤ ਕੀਤੀ | ਉਨ੍ਹਾਂ ਬੁਨਿਆਦੀ ਢਾਂਚੇ,ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਹੁਕਮ ਦਿੱਤੇ ਤੇ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ਼ ਦੀ ਭਰਤੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿਚ ਕੈਂਸਰ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦੌਰੇ ਦਾ ਮਕਸਦ ਸੰਸਥਾ ਨੂੰ ਸਮਰਥਨ ਦੇਣਾ ਅਤੇ ਮਜ਼ਬੂਤ ਕਰਨਾ ਹੈ, ਨਾ ਕਿ ਕਮੀਆਂ ਲੱਭਣਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਹ ਐਡਵਾਂਸਡ ਕੈਂਸਰ ਇੰਸਟੀਚਿਊਟ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਵੇਗਾ, ਜੋ ਪਹਿਲਾਂ ਹੀ ਮਾਲਵਾ ਖੇਤਰ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਿਹਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਪੰਜਾਬ ਭਰ ਵਿਚ ਮੋਹਰੀ ਸਿਹਤ ਸੰਭਾਲ ਕੇਂਦਰ ਵਜੋਂ ਹੋਰ ਮਜ਼ਬੂਤ ਕੀਤਾ ਜਾਵੇ | ਇਸ ਅਹਿਮ ਸੰਸਥਾ ਦੀਆਂ ਜ਼ਮੀਨੀ ਹਕੀਕਤਾਂ ਅਤੇ ਜ਼ਰੂਰਤਾਂ ਤੋਂ ਜਾਣੂ ਕਰਵਾਉਣ ਲਈ ਸਾਰੇ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ | ਮੱੁਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਵਿਚ ਕਈ ਲੋੜੀਂਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਮਰੀਜ਼ਾਂ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਸਮੇਂ ਇਹ ਇੰਸਟੀਚਿਊਟ ਸਟਾਫ਼ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਲਈ ਸਟਾਫ਼ ਦੀ ਹੋਰ ਭਰਤੀ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ | ਮੁੱਖ ਮੰਤਰੀ ਨੇ ਕਿਹਾ ਕਿ ਆਯੂਸ਼ਮਾਨ ਕਾਰਡ ਧਾਰਕ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਇਸ ਸਰਵੋਤਮ ਕੈਂਸਰ ਇੰਸਟੀਚਿਊਟ ਵਿਚ ਇਲਾਜ ਦੇ ਹੱਕਦਾਰ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ | ਇਸ ਦੌਰਾਨ ਉਨ੍ਹਾਂ ਦੇ ਨਾਲ ਮੌਜੂਦ ਇੰਸਟੀਚਿਊਟ ਦੇ ਡਾਇਰੈਕਟਰ ਡਾ. ਪਰਵਿੰਦਰ ਸਿੰਘ ਸੰਧੂ ਵਲੋਂ ਮੁੱਖ ਮੰਤਰੀ ਨੂੰ ਹਸਪਤਾਲ ਦੇ ਸਮੁੱਚੇ ਢਾਂਚੇ ਤੋਂ ਵਿਸਥਾਰ-ਪੂਰਵਕ ਜਾਣੂ ਕਰਵਾਇਆ |