ਰਾਮਪੁਰਾ ਫੂਲ, 4 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਕਮੇਟੀ ਬਲਾਕ ਰਾਮਪੁਰਾ ਵਲੋਂ ਬੇਮੌਸਮੀ ਹੋਈ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੇ ਵੱਖ-ਵੱਖ ਨੇੜਲੇ ਪਿੰਡਾਂ ਦਾ ਦੌਰਾ ਕੀਤਾ ਗਿਆ¢ ਇਸ ਮੌਕੇ ਜਥੇਬੰਦੀ ਦੇ ਕਿਸਾਨ ਆਗੂਆਂ ਨੇ ਦੱਸਿਆ ਕਿ ਕਣਕ, ਸਰੋਂ੍ਹ, ਸਬਜ਼ੀਆਂ ਤੇ ਪਸ਼ੂਆਂ ਵਾਲੇ ਚਾਰੇ ਦੀ ਫ਼ਸਲ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ ਜਿਸ ਕਰਕੇ ਕਿਸਾਨਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ¢ ਬਲਾਕ ਪ੍ਰਧਾਨ ਸਰਦੂਲ ਸਿੰਘ ਰਾਮਨਿਵਾਸ ਤੇ ਬਲਾਕ ਆਗੂ ਜਗਦੀਸ਼ ਸਿੰਘ ਰਾਮਪੁਰਾ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਮਪੁਰਾ ਬਲਾਕ ਅਧੀਨ ਪੈਂਦੇ ਪਿੰਡਾਂ ਵਿੱਚ ਹੋਈ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ | ਬਲਾਕ ਜਨਰਲ ਸਕੱਤਰ ਸੁਖਜਿੰਦਰ ਸਿੰਘ ਰਾਮਪੁਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਸੀਬਤ ਦੀ ਘੜੀ ਕਿਸਾਨਾਂ ਦੀ ਬਾਂਹ ਨਾ ਫੜੀ ਤਾਂ ਜਥੇਬੰਦੀ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ ਤੇ ਆਗੂਆਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਕਰਜ਼ੇ ਦੇ ਬੋਝ ਥੱਲ੍ਹੇ ਦੱਬੇ ਪਏ ਹਨ ਤੇ ਖੁਦਕੁਸ਼ੀਆਂ ਕਰ ਰਹੇ ਹਨ ਤੇ ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਪੱਖੀ ਨੀਤੀਆਂ ਲਿਆ ਕੇ ਸਾਰੀਆਂ ਫ਼ਸਲਾਂ ਤੇ ਐੱਮ.ਐੱਸ.ਪੀ. ਦਿੱਤਾ ਜਾਵੇ ਤੇ ਗਰੰਟੀ ਕਾਨੂੰਨ ਬਣਾਇਆ ਜਾਵੇ ਤਾਂ ਜੋ ਡੂੰਘੇ ਸੰਕਟ 'ਚ ਘਿਰੀ ਕਿਸਾਨੀ ਨੂੰ ਬਚਾਇਆ ਜਾ ਸਕੇ¢