ਮਹਿਮਾ ਸਰਜਾ, 7 ਮਾਰਚ (ਬਲਦੇਵ ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਗੋਨਿਆਣਾ ਬਲਾਕ ਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ | ਜਿੱਥੇ ਹਾਲ ਹੀ ਵਿੱਚ ਹੋਈ ਗੜ੍ਹੇਮਾਰੀ ਅਤੇ ਤੇਜ਼ ਮੀਂਹ ਕਾਰਨ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ | ਰਾਜਾ ਵੜਿੰਗ ਨੇ ਮਹਿਮਾ ਸਰਕਾਰੀ, ਕੋਠੇ ਲਾਲ ਸਿੰਘ ਵਾਲੇ, ਅਬਲੂ, ਕੋਠੇ ਸੰਧੂਵਾਂ, ਕੋਠੇ ਚੇਤ ਸਿੰਘ ਵਾਲਾ ਆਦਿ ਅੱਧੀ ਦਰਜਨ ਪਿੰਡਾਂ ਦਾ ਪੀੜਤ ਕਿਸਾਨਾਂ ਦੁਖੜੇ ਸੁਣਨ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਸਾਬਕਾ ਯੂਥ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਸੀਨੀਅਰ ਕਾਂਗਰਸ ਆਗੂ ਭੁਪਿੰਦਰ ਸਿੰਘ ਗੋਰਾ, ਅਵਤਾਰ ਸਿੰਘ ਬਰਾੜ, ਕਿਰਨਜੀਤ ਸਿੰਘ ਗਹਿਰੀ, ਐਡਵੋਕੇਟ ਸੁਖਪ੍ਰੀਤ ਕੌਰ ਮਹਿਮਾ ਮੌਜੂਦ ਸਨ | ਇਸ ਦੌਰੇ ਦੌਰਾਨ ਉਨ੍ਹਾਂ ਅੱਧੀ ਦਰਜਨ ਪਿੰਡਾਂ ਦੇ ਪ੍ਰਭਾਵਿਤ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨੁਕਸਾਨ ਦਾ ਜਾਇਜ਼ਾ ਲਿਆ | ਕਿਸਾਨਾਂ ਨੇ ਦੱਸਿਆ ਕਿ ਇਸ ਖੇਤਰ ਵਿਚ 15 ਹਜ਼ਾਰ ਏਕੜ ਫ਼ਸਲ ਗੜੇਮਾਰੀ ਭਾਰੀ ਨੁਕਸਾਨ ਪੁੱਜਾ ਹੈ | ਸਬਜ਼ੀਆਂ, ਹਰੇ ਚਾਰੇ ਸਮੇਤ ਸਰੋਂ੍ਹ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ | ਜਿਸ ਨਾਲ ਉਨ੍ਹਾਂ ਦੀ ਆਰਥਿਕ ਹਾਲਤ ਬਹੁਤ ਨਾਜ਼ੁਕ ਹੋ ਗਈ ਹੈ | ਇਸ ਮੌਕੇ ਸੂਬਾ ਪ੍ਰਧਾਨ ਨੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਤੋਂ ਮੰਗ ਕੀਤੀ ਕਿ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਹਨ ਅਤੇ ਇਸ ਤਰ੍ਹਾਂ ਦੀ ਕੁਦਰਤੀ ਆਫ਼ਤ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ | ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਰਹੇਗੀ |