ਬਠਿੰਡਾ, 7 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਾਲੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਵਿਸਾਖੀ ਕਾਨਫਰੰਸ ਸਬੰਧੀ ਪਾਰਟੀ ਦੇ ਜ਼ਿਲ੍ਹਾ ਸੀਨੀਅਰ ਉੱਪ-ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਦੇ ਸਥਾਨਕ ਮਾਡਲ ਟਾਊਨ ਵਿਖੇ ਸਥਿਤ ਘਰ ਵਿਖੇ ਤਿਆਰੀ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ (ਕਾਰਜਕਾਰੀ ਪ੍ਰਧਾਨ) ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖਾਲਸਾ ਸਾਜਨਾ ਦਿਵਸ ਮੌਕੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ 14 ਅਪ੍ਰੈਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਨੂੰ ਆਪਣੇ ਹੱਕਾਂ ਅਤੇ ਹਿੱਤਾਂ ਲਈ ਇਕਜੁੱਟ ਹੋਣ ਦੀ ਲੋੜ ਹੈ, ਜਿਸ ਲਈ ਉਨ੍ਹਾਂ ਦੀ ਜਥੇਬੰਦੀ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ 'ਚ ਅਮਨ ਸ਼ਾਂਤੀ ਦੀ ਬਹਾਲੀ ਲਈ ਭਾਈ ਅੰਮਿ੍ਤਪਾਲ ਸਿੰਘ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ | ਡਾ: ਪ੍ਰਗਟ ਸਿੰਘ ਵਿਰਕ ਨੇ ਪੰਜਾਬ ਅਤੇ ਪੰਥ ਹਿਤੈਸ਼ੀ ਸੰਗਤਾਂ ਨੂੰ 14 ਅਪ੍ਰੈਲ ਨੂੰ ਵਿਸਾਖੀ ਕਾਰਨਫਰੰਸ 'ਚ ਵਹੀਰਾਂ ਘੱਤ ਕੇ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਅਮਰਜੀਤ ਸਿੰਘ ਬਾਣਚਿੜੀ, ਪਲਵਿੰਦਰ ਸਿੰਘ ਖਾਲਸਾ, ਚਮਕੌਰ ਸਿੰਘ ਬਰਾੜ, ਗੁਰਦੀਪ ਸਿੰਘ, ਹਰਜੀਤ ਸਿੰਘ, ਲਖਵਿੰਦਰਪਾਲ ਸ਼ਰਮਾ, ਪਰਮਜੀਤ ਸਿੰਘ, ਬਾਬਾ ਲੱਛਾ ਸਿੰਘ, ਅੰਮਿ੍ਤਪਾਲ ਜਲਾਲ, ਸੁਖਮੰਦਰ ਸਿੰਘ ਨਿਉਰ ਆਦਿ ਮੌਜੂਦ ਸਨ |