ਤਲਵੰਡੀ ਸਾਬੋ, 11 ਅਪ੍ਰੈਲ (ਰਵਜੋਤ ਸਿੰਘ ਰਾਹੀ)-ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਅਤੇ ਐੱਸ.ਐੱਸ.ਪੀ ਡਾ. ਜਯੋਤੀ ਯਾਦਵ ਬੈਂਸ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਗੁਰਦੁਆਰਾ ਦੇ ਪ੍ਰਬੰਧਕਾਂ ਨਾਲ ਵਿਸਾਖੀ ਮੇਲੇ ਦੌਰਾਨ ਉਚਿੱਤ ਪ੍ਰਬੰਧ ਯਕੀਨੀ ਬਣਾਉਣ ਲਈ ਮੀਟਿੰਗ ਕੀਤੀ ਗਈ | ਡਿਪਟੀ ਕਮਿਸ਼ਨਰ ਧੀਮਾਨ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੇ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ, ਇਸ ਲਈ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਲੋਕ 01655-220241, 01655-220249 ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਯਾਤਰੀਆਂ ਦੀ ਸਹਾਇਤਾ ਲਈ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀ 30 ਮੈਂਬਰੀ ਟੀਮ ਵੀ ਤੈਨਾਤ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਪੀਣ ਵਾਲੇ ਪਾਣੀ ਦੀ 24 ਘੰਟੇ ਉਪਲਬਧਤਾ ਅਤੇ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ | ਯਾਤਰੀਆਂ ਨੂੰ ਲੈ ਕੇ ਆਉਣ ਵਾਲੀਆਂ ਵਾਹਨਾਂ ਦੀ ਆਵਾਜਾਈ ਸੁਚਾਰੂ ਬਣਾਉਣ ਲਈ ਸ਼ਹਿਰ ਵਿਚ ਛੇ ਥਾਵਾਂ 'ਤੇ ਅਸਥਾਈ ਬੱਸ ਅੱਡੇ ਬਣਾਏ ਗਏ ਹਨ | ਸੜਕਾਂ ਦੀ ਸਫ਼ਾਈ ਲਈ ਰੋਡ ਸਵੀਪਿੰਗ ਮਸ਼ੀਨਾਂ ਤਾਇਨਾਤ ਕੀਤੀਆਂ ਗਈਆਂ ਹਨ | ਇਸ ਦੇ ਨਾਲ ਹੀ ਇਲਾਕਿਆਂ ਵਿਚ ਨਿਯਮਿਤ ਫੋਗਿੰਗ ਕੀਤੀ ਜਾ ਰਹੀ ਹੈ ਅਤੇ ਅੱਗ ਬੁਝਾਊ ਗੱਡੀਆਂ ਨੂੰ ਮਹੱਤਵਪੂਰਨ ਥਾਵਾਂ 'ਤੇ ਤੈਨਾਤ ਕੀਤਾ ਗਿਆ ਹੈ | ਇਸ ਮੌਕੇ ਏਡੀਸੀ (ਜੀ) ਕੰਚਨ, ਐੱਸ.ਡੀ.ਐਮ ਤਲਵੰਡੀ ਸਾਬੋ ਰਾਜੇਸ਼ ਕੁਮਾਰ ਸ਼ਰਮਾ, ਐੱਸ.ਪੀ ਜਗਦੀਸ਼ ਬਿਸ਼ਨੋਈ, ਐੱਸ.ਪੀ ਨਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ |