ਕੋਟਫੱਤਾ, 12 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਵਲੋਂ ਕਣਕ ਦੀ ਖਰੀਦ ਦੇ ਮੌਸਮ ਦੌਰਾਨ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਲਈ ਸੂਬਾ ਪੱਧਰ ਤੋਂ ਲੈ ਕੇ ਬਲਾਕ ਪੱਧਰ ਤੱਕ ਦੇ ਅਹੱੁਦੇਦਾਰਾਂ ਦੀ ਵਿਸ਼ੇਸ਼ ਰੂਪ ਰੇਖਾ ਤਿਆਰ ਕੀਤੀ ਗਈ | ਇਸ ਕਦਮ ਦਾ ਮਕਸਦ ਮੰਡੀਆਂ ਵਿਚ ਪ੍ਰਬੰਧਾਂ ਨੂੰ ਸੁਚੱਜਾ ਬਣਾਉਣਾ ਅਤੇ ਕਿਸਾਨਾਂ ਨੂੰ ਬਿਨ੍ਹਾਂ ਰੁਕਾਵਟ ਆਪਣੀ ਫ਼ਸਲ ਵੇਚਣ ਵਿਚ ਸਹਾਇਤਾ ਦੇਣਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪ ਕਿਸਾਨ-ਵਿੰਗ ਦੇ ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਬਠਿੰਡਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਦੀਆਂ ਮੁੱਖ ਅਨਾਜ ਮੰਡੀਆਂ ਵਿਚ ਡਿਊਟੀ ਸੌਂਪੀ ਗਈ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਮੌਜੂਦ ਰਹਿਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ ਜਾਵੇਗਾ | ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ ਅਤੇ ਖਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਸੁਚਾਰੂ ਢੰਗ ਨਾਲ ਚੱਲੇ | ਕਿਸਾਨਾਂ ਦੀ ਸਹੂਲਤ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਉਹ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਆਪਣੀ ਕਣਕ ਮੰਡੀਆਂ ਵਿਚ ਵੇਚ ਸਕਣ |