ਬਠਿੰਡਾ, 18 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ, ਕਿਸਾਨ ਵਿੰਗ ਦੇ ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਖ਼ਰੀਦ ਮੰਡੀਆਂ ਵਿਚ ਕੀਤੇ ਪ੍ਰਬੰਧਾਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸੁਚੱਜੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਖ਼ੁਦ ਹਰ ਰੋਜ਼ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕਰ ਰਹੇ ਹਨ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ¢ ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪਾਣੀ, ਬਿਜਲੀ, ਸਫ਼ਾਈ ਅਤੇ ਬੈਠਣ ਦੀਆਂ ਵਿਵਸਥਾਵਾਂ ਨੂੰ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ¢ ਇਸ ਤੋਂ ਇਲਾਵਾ ਫ਼ਸਲ ਦੀ ਸਮੇਂ-ਸਿਰ ਚੁਕਾਈ ਅਤੇ ਭੁਗਤਾਨ ਪ੍ਰਕਿਰਿਆ ਨੂੰ ਵੀ ਤੇਜ਼ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ¢ ਉਨ੍ਹਾਂ ਕਿਹਾ ਕਿ ਮੌਸਮੀ ਤਬਦੀਲੀਆਂ ਕਾਰਨ ਕਣਕ ਦੀ ਫ਼ਸਲ ਦੀ ਕੁਆਲਿਟੀ 'ਤੇ ਅਸਰ ਪਿਆ ਹੈ, ਜਿਸ ਕਰਕੇ ਮੌਜੂਦਾ ਮਾਪਦੰਡਾਂ ਅਨੁਸਾਰ ਖ਼ਰੀਦ ਵਿਚ ਰੁਕਾਵਟਾਂ ਆ ਰਹੀਆਂ ਹਨ, ਪਰ ਪੰਜਾਬ ਸਰਕਾਰ ਕਣਕ ਦੀ ਫ਼ਸਲ ਦੀ ਖ਼ਰੀਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |