ਸੰਗਤ ਮੰਡੀ, 21 ਅਪ੍ਰੈਲ (ਸੁਖਤੇਜ ਧਾਲੀਵਾਲ)-ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਕਾਲਜ ਦੇ ਪਿ੍ੰਸੀਪਲ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਕਾਲਜ ਵਿਚ ਵਿਦਿਆਰਥੀਆਂ ਨੂੰ ਪੀਣ ਦੇ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਾਥਰੂਮਾਂ ਵਿਚ ਸਫ਼ਾਈ ਦੀ ਵੱਡੀ ਸਮੱਸਿਆ ਹੈ | ਕਾਲਜ ਵਿਚ ਖੇਡ ਮੈਦਾਨ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ ਖਿਡਾਰੀਆਂ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ | ਸਾਲਾਂ ਤੋਂ ਕਾਲਜ ਵਿਚ ਬਣਿਆ ਹੋਸਟਲ ਬੰਦ ਪਿਆ ਹੈ | ਕਾਲਜ ਇਮਾਰਤ ਦੀ ਕੁੱਲ ਹਾਲਤ ਖੰਡਰਨੁਮਾਂ ਬਣੀ ਹੋਈ ਹੈ | ਆਪ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਕੱਚ-ਘਰੜ ਕਾਲਜ ਦੀ ਮਾੜੀ ਹਾਲਤ ਤੋਂ ਸਾਫ਼ ਜ਼ਾਹਰ ਹੈ, ਕਾਲਜ ਨੂੰ ਗ੍ਰਾਂਟਾਂ ਦੇਣ ਦੇ ਉਲਟ ਆਪ ਸਰਕਾਰ ਸਿੱਖਿਆ ਨੀਤੀ 2020 ਧੜੱਲੇ ਨਾਲ ਲਾਗੂ ਕਰ ਰਹੀ ਹੈ | ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਫ਼ੀਸਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ | ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਅਦਾਰਿਆਂ ਦੀ ਸਫ਼ ਵਲ੍ਹੇਟੀ ਜਾ ਰਹੀ ਹੈ ਆਦਿ ਦੇ ਹੱਲ ਲਈ ਪਿ੍ੰਸੀਪਲ ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਨੂੰ ਉਨ੍ਹਾਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਨ੍ਹਾ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ | ਇਸ ਮੌਕੇ ਵਿਦਿਆਰਥੀ ਆਗੂ ਗੁਰਦਾਤ ਸਿੰਘ, ਅਕਾਸ਼ਦੀਪ ਸਿੰਘ, ਜਸ਼ਨ, ਕ੍ਰਾਂਤੀ, ਕਮਲ ਆਦਿ ਹਾਜ਼ਰ ਸਨ |