ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਗਾਤਾਰ ਜਾਰੀ ਹੈ | ਰੋਜ਼ਾਨਾ ਪੱਧਰ ਉੱਤੇ ਕਣਕ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਡਿਪਟੀ ਕਮਿਸ਼ਨਰ ਦੇ ਦੱਸਿਆ ਕਿ 20 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਹੋਈ 3.06 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਵਿਚੋਂ 2.59 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਖ਼ਰੀਦ ਕੀਤੀ ਕਣਕ ਦੀ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਕਰਦਿਆਂ 97 ਫ਼ੀਸਦੀ ਕਣਕ ਦੀ ਚੁਕਾਈ ਮੰਡੀਆਂ ਵਿਚੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੀ ਜਾ ਰਹੀ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ-ਨਾਲ ਹੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ 401 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 100 ਫ਼ੀਸਦੀ ਬਣਦੀ ਹੈ |