ਮਹਿਰਾਜ, 21 ਅਪ੍ਰੈਲ (ਸੁਖਪਾਲ ਮਹਿਰਾਜ)-ਨਗਰ ਪੰਚਾਇਤ ਮਹਿਰਾਜ ਵਲੋਂ ਨਗਰ ਵਿਚ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਇਨ੍ਹਾਂ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਦਫ਼ਤਰ ਨਗਰ ਪੰਚਾਇਤ ਮਹਿਰਾਜ ਦੀ ਜੇ ਈ ਕਿਰਨਦੀਪ ਕੌਰ ਨੇ ਦੱਸਿਆ ਕਿ ਨਗਰ ਵਿਚ ਸੜਕਾਂ ਦੇ ਦੋਵੇਂ ਪਾਸਿਆਂ ਇੰਟਰਲਾਕ ਟਾਇਲਾਂ ਲਗਾਉਣ, ਸਫ਼ਾਈ ਪ੍ਰਬੰਧ ਮਜ਼ਬੂਤ ਕਰਨ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨਾਲ ਸਬੰਧਿਤ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਨਿਧਾਰਤ ਸਮੇਂ ਅੰਦਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਨਗਰ ਵਾਸੀ ਵੀ ਵਿਕਾਸ ਕੰਮਾਂ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ | ਉਨ੍ਹਾਂ ਹੋਰ ਦੱਸਿਆ ਕਿ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਸਮੇਂ ਸਿਰ ਪੂਰੇ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਨਗਰ ਪੰਚਾਇਤ ਮਹਿਰਾਜ ਦਾ ਕਾਰਜਕਾਲ 10 ਅਪ੍ਰੈਲ 2026 ਨੂੰ ਸਮਾਪਤ ਹੋ ਚੁੱਕਾ ਹੈ | ਇਸ ਤੋਂ ਬਾਅਦ ਮੌਜੂਦਾ ਸਮੇਂ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜ ਪ੍ਰਸ਼ਾਸਨ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ, ਤਾਂ ਜੋ ਨਗਰ ਦੇ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ ਅਤੇ ਲੋਕਾਂ ਨੂੰ ਲਗਾਤਾਰ ਸੁਵਿਧਾਵਾਂ ਮਿਲਦੀਆਂ ਰਹਿਣ |