ਭੁੱਚੋ ਮੰਡੀ, 21 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਕਾਂਗਰਸ ਪਾਰਟੀ ਵਲੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਬਠਿੰਡਾ (ਦਿਹਾਤੀ) ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਰਹਿਨੁਮਾਈ ਹੇਠ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਤਿਆਰੀ ਸਬੰਧੀ ਇੱਥੇ ਪੰਚਾਇਤੀ ਧਰਮਸ਼ਾਲਾ ਵਿਚ ਬਲਾਕ ਪੱਧਰੀ ਅਹੁਦੇਦਾਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਨਥਾਣਾ ਦੇ ਪ੍ਰਧਾਨ ਗੁਰਤੇਜ ਸਿੰਘ ਭੋਲਾ ਭੈਣੀ ਨੇ ਕਿਹਾ ਕਿ ਪਾਰਟੀ ਅਹੁਦੇਦਾਰਾਂ ਨੂੰ ਹੁਣ ਤੋਂ ਹੀ ਡਟ ਕੇ ਮਿਹਨਤ ਕਰਨੀ ਚਾਹੀਦੀ ਹੈ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਮਜ਼ਬੂਤੀ ਨਾਲ ਲੜੇਗੀ ਅਤੇ ਸੂਬੇ ਵਿਚ ਸ਼ਾਨ ਨਾਲ ਸਰਕਾਰ ਬਣਾਏਗੀ | ਉਨ੍ਹਾਂ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਨੁਸ਼ਾਸਨ ਦਾ ਪਾਠ ਪੜ੍ਹਾਉਂਦਿਆਂ ਕਿਹਾ ਕਿ ਜੇਕਰ ਕੋਈ ਆਪਸੀ ਮਤਭੇਦ ਹਨ ਵੀ, ਤਾਂ ਉਨ੍ਹਾਂ ਨੂੰ ਪਾਰਟੀ ਪਲੇਟਫ਼ਾਰਮ 'ਤੇ ਹੀ ਉਠਾਇਆ ਜਾਵੇ ਅਤੇ ਜਨਤਕ ਨਾ ਕੀਤੇ ਜਾਣ | ਉਨ੍ਹਾਂ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਗਪੌੜਿਆਂ ਦੀ ਸਰਕਾਰ ਕਰਾਰ ਦੇ ਕੇ ਪੂਰੀ ਤਰ੍ਹਾਂ ਅਸਫਲ ਦੱਸਿਆ | ਇਸ ਮੌਕੇ ਬਲਾਕ ਪ੍ਰਧਾਨ ਐੱਸ.ਸੀ. ਵਿੰਗ ਪ੍ਰਗਟ ਸਿੰਘ ਤੁੰਗਵਾਲੀ, ਯੂਥ ਆਗੂ ਪਰਿੰਦਰ ਪੈਵੀ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਕਿੰਦੀ, ਗੁਰਪ੍ਰੀਤ ਸਿੰਘ ਮਾਨ ਤੁੰਗਵਾਲੀ ਅਤੇ ਹੋਰ ਆਗੂ ਮੌਜੂਦ ਸਨ |