ਬਠਿੰਡਾ, 4 ਮਈ (ਪ. ਪ.)- ਸਮਾਜਸੇਵੀ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਲੱਖਾ ਸਿਧਾਣਾ ਵਲੋਂ ਬਠਿੰਡਾ ਦੇ ਗੁਰੂ ਨਾਨਕ ਪੁਰਾ ਮੁਹੱਲਾ, ਅਮਰਪੁਰਾ ਬਸਤੀ ਅਤੇ ਵੱਖ-ਵੱਖ ਇਲਾਕਿਆਂ ਵਿਚ ਮੀਟਿੰਗਾਂ ਕਰਕੇ ਲੋਕਾਂ ਨਾਲ ਸੰਪਰਕ ਮੁਹਿੰਮ ਚਲਾਈ ਗਈ | ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ | ਇਨ੍ਹਾਂ ਮੀਟਿੰਗਾਂ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ, ਸਮਾਜ ਸੇਵੀਆਂ ਅਤੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਲੋਕਾਂ ਨੇ ਹਿੱਸਾ ਲਿਆ | ਇਸ ਮੌਕੇ ਕਈ ਪਰਿਵਾਰਾਂ ਅਤੇ ਨੌਜਵਾਨਾਂ ਨੇ ਲੱਖਾ ਸਿਧਾਣਾ ਦੀ ਅਗਵਾਈ ਵਿਚ ਭਰੋਸਾ ਜਤਾਉਂਦਿਆਂ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਲੱਖਾ ਸਿਧਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਬਦਲਾਅ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਦੇ ਮਾਵਾਂ ਦੇ ਪੁੱਤ ਨਸ਼ੀਲੇ ਕੈਪਸੂਲ, ਨਸ਼ੇ ਦੇ ਟੀਕੇ ਲਗਾਉਣ ਲਈ ਮਰ ਰਹੇ ਹਨ | ਉਨ੍ਹਾਂ ਦੀਆਂ ਮਾਵਾਂ ਭਾਈ ਅੰਮਿ੍ਤਪਾਲ ਸਿੰਘ ਵਾਰਸ ਪੰਜਾਬ ਨੂੰ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਬਠਿੰਡਾ ਅਤੇ ਹੋਰ ਖੇਤਰਾਂ ਵਿਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਸਕੇ | ਇਸ ਮੌਕੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਡਾ. ਪਰਗਟ ਸਿੰਘ ਵਿਰਕ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਚਮਕੌਰ ਸਿੰਘ ਬਰਾੜ, ਪਰਮਜੀਤ ਸਿੰਘ, ਗੁਰਤੇਜ ਸਿੰਘ ਫ਼ੌਜੀ, ਗੁਰਦੀਪ ਸਿੰਘ ਸਿੱਧੂ, ਦਰਸ਼ਨ ਸਿੰਘ ਗੋਨਿਆਣਾ, ਬਾਬਾ ਲੱਸਾ ਸਿੰਘ, ਅੰਮਿ੍ਤਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਲੋਕ ਮੌਜੂਦ ਸਨ |