ਭੁੱਚੋ ਮੰਡੀ, 6 ਮਈ (ਪਰਵਿੰਦਰ ਸਿੰਘ ਜੌੜਾ)- ਨਗਰ ਕੌਂਸਲ ਭੁੱਚੋ ਅਧੀਨ ਸਮੂਹ ਦਰਜਾ ਚਾਰ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਕਰ ਦਿੱਤੀ ਗਈ ਹੈ | ਮੁਲਾਜ਼ਮ ਮੰਗ ਕਰ ਰਹੇ ਹਨ ਕਿ ਪੰਜਾਬ ਸਰਕਾਰ ਆਊਟਸੋਰਸ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰੇ ਅਤੇ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕੀਤੀ ਜਾਵੇ | ਇਨ੍ਹਾਂ ਮੁੱਖ ਮੰਗਾਂ ਸਮੇਤ ਕੁੱਲ 30 ਮੰਗਾਂ ਮੰਨਣ ਦੀ ਮੁਲਾਜ਼ਮਾਂ ਵਲੋਂ ਅਪੀਲ ਕੀਤੀ ਜਾ ਰਹੀ ਹੈ | ਦੂਜੇ ਪਾਸੇ ਸੂਬਾ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਵਲ 'ਕੰਨ' ਨਹੀਂ ਧਰ ਰਹੀ | ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵਲੋਂ ਹੜਤਾਲ ਕੀਤੇ ਜਾਣ ਕਰਕੇ ਸ਼ਹਿਰ ਵਿਚ ਕੂੜੇ ਕਰਕਟ ਦੇ ਢੇਰ ਲੱਗ ਗਏ ਹਨ ਅਤੇ ਨਗਰ ਕੌਂਸਲ ਵਲੋਂ ਪਹਿਲੇ ਦਿਨ ਕੋਈ ਬਦਲਵੇਂ ਪ੍ਰਬੰਧ ਨਹੀਂ ਕੀਤੇ ਗਏ ਹਨ | ਹਾਲਾਂਕਿ ਮੁਲਾਜ਼ਮਾਂ ਵਲੋਂ 7 ਮਾਰਚ ਨੂੰ ਹੀ ਲੁਧਿਆਣਾ ਦੇ ਈਸੜੂ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਸੀ ਕਿ ਮੁਲਾਜ਼ਮ ਸਾਥੀਆਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਖ਼ਿਲਾਫ਼ ਸੂਬੇ ਭਰ ਵਿਚ 6 ਮਈ ਤੋਂ ਮੰਗਾਂ ਮੰਨੇ ਜਾਣ ਤੱਕ ਅਣਮਿਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ, ਪ੍ਰੰਤੂ ਬਾਵਜੂਦ ਇਸ ਦੇ ਨਗਰ ਕੌਂਸਲ ਪ੍ਰਬੰਧਕਾਂ ਵਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ | ਸਵੇਰ ਸਮੇਂ ਹੀ ਦਰਜਾ ਚਾਰ ਮੁਲਾਜ਼ਮ ਸਥਾਨਕ ਨਗਰ ਕੌਂਸਲ ਦਫਤਰ ਸਾਹਮਣੇ ਇਕੱਤਰ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਸ਼ਬਦਾਵਲੀ ਵਿਚ ਨਾਅਰੇਬਾਜ਼ੀ ਕੀਤੀ | ਮੁਲਾਜ਼ਮ ਆਗੂ ਪੱਪੂ ਸਿੰਘ, ਦਿਲਬਾਗ ਰਾਏ, ਸੰਜੀਵ ਕੁਮਾਰ, ਲੱਕੀ ਕੁਮਾਰ ਅਤੇ ਲਾਲ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਉਨ੍ਹਾਂ ਦੀ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ 'ਤੇ ਗ਼ੌਰ ਨਹੀਂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮ ਹੁਣ ਆਰ-ਪਾਰ ਦੀ ਲੜਾਈ ਲੜਨਗੇ | ਹੜਤਾਲ ਕਾਰਨ ਸ਼ਹਿਰ ਵਾਸੀਆਂ ਨੂੰ ਹੋ ਰਹੀ ਪ੍ਰੇਸ਼ਾਨੀ ਬਾਰੇ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਇਸ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜ਼ਿੰਮੇਵਾਰ ਹੈ | ਸਥਾਨਕ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਿਪਨ ਕੁਮਾਰ ਦਾ ਕਹਿਣਾ ਸੀ ਕਿ ਦਰਜਾ ਚਾਰ ਮੁਲਾਜ਼ਮਾਂ ਦੀ ਹੜਤਾਲ ਸੂਬਾ ਵਿਆਪੀ ਹੈ, ਇਸ ਲਈ ਉਹ ਕੁਝ ਨਹੀਂ ਕਹਿ ਸਕਦੇ | ਸ਼ਹਿਰ ਵਿਚ ਸਫ਼ਾਈ ਨਾ ਹੋਣ ਅਤੇ ਕੂੜੇ ਦੇ ਢੇਰ ਲੱਗਣ ਸਬੰਧੀ ਉਨ੍ਹਾਂ ਕਿਹਾ ਕਿ ਹੜਤਾਲ ਦਾ ਪਹਿਲਾ ਦਿਨ ਹੈ, ਭਵਿੱਖ ਵਾਸਤੇ ਉਹ ਕੋਈ ਯੋਜਨਾ ਬਣਾਉਣਗੇ |