ਬਠਿੰਡਾ, 9 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਕਰੁਨੇਸ਼ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ ਬਠਿੰਡਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ¢ ਇਸ ਮੌਕੇ ਬਲਜਿੰਦਰ ਕੌਰ ਮਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਦੇਖ-ਰੇਖ ਹੇਠ ਸੈਸ਼ਨਜ਼ ਡਵੀਜ਼ਨ ਬਠਿੰਡਾ ਅਤੇ ਸਬ-ਡਵੀਜਨਾਂ ਤਲਵੰਡੀ ਸਾਬੋ ਤੇ ਫੂਲ ਦੀਆਂ ਅਦਾਲਤਾਂ ਵਿਚ ਕੇਸਾਂ ਦੇ ਨਿਪਟਾਰੇ ਲਈ ਕੁਲ 19 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ¢ ਲੋਕ ਅਦਾਲਤ ਦੌਰਾਨ ਫ਼ੌਜਦਾਰੀ ਕੇਸਾਂ, ਚੈੱਕ ਬਾਉਂਸ ਮਾਮਲਿਆਂ, ਬੈਂਕ ਰਿਕਵਰੀ, ਐਕਸੀਡੈਂਟ ਕਲੇਮ ਅਤੇ ਪਰਿਵਾਰਿਕ ਝਗੜਿਆਂ ਸਮੇਤ ਵੱਖ-ਵੱਖ ਕਿਸਮਾਂ ਦੇ ਕੇਸਾਂ ਦੀ ਸੁਣਵਾਈ ਕੀਤੀ ਗਈ¢ ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸਾਂ ਜਿਵੇਂ ਬੈਂਕ ਰਿਕਵਰੀ, ਜਲ ਸਪਲਾਈ ਅਤੇ ਲੇਬਰ ਮਾਮਲੇ ਵੀ ਸੁਣਵਾਈ ਲਈ ਰੱਖੇ ਗਏ¢ ਲੋਕ ਅਦਾਲਤ ਵਿਚ ਰਾਜ਼ੀਨਾਮਾ ਹੋਣ ਯੋਗ ਕੁੱਲ 21 ਹਜ਼ਾਰ ਕੇਸ ਸੁਣਵਾਈ ਲਈ ਰੱਖੇ ਗਏ ਸਨ, ਜਿਨ੍ਹਾਂ ਵਿਚੋਂ 13,774 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ¢ ਇਸ ਦੌਰਾਨ 41,61,91,486 ਰੁਪਏ ਦੀ ਰਕਮ ਦੇ ਅਵਾਰਡ ਵੀ ਪਾਸ ਕੀਤੇ ਗਏ¢ ਅਧਿਕਾਰੀਆਂ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਉਦੇਸ਼ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਲੋਕਾਂ ਦੇ ਸਮੇਂ ਅਤੇ ਧਨ ਦੀ ਬੱਚਤ ਕਰਨਾ ਅਤੇ ਆਪਸੀ ਵੈਰ-ਵਿਰੋਧ ਨੂੰ ਘਟਾਉਣਾ ਹੈ¢ ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਹੋਏ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ ਕਿਉਂਕਿ ਇਹ ਫ਼ੈਸਲੇ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੀਤੇ ਜਾਂਦੇ ਹਨ¢ ਲੋਕ ਅਦਾਲਤ ਵਿਚ ਨਿਪਟੇ ਕੇਸਾਂ ਦੀ ਕੋਰਟ ਫ਼ੀਸ ਵੀ ਵਾਪਸ ਕੀਤੀ ਜਾਂਦੀ ਹੈ¢